ਨਵੀਂ ਦਿੱਲੀ : ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਣ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਪਹਿਲਵਾਨ ਦੇ ਸੋਮਵਾਰ ਨੂੰ ਬਿਆਨ ਦਰਜ ਕੀਤੇ ਗਏ ਹਨ। ਸੋਮਵਾਰ ਨੂੰ 161 ਤਹਿਤ ਮਹਿਲਾ ਪਹਿਲਵਾਨ ਦੇ ਬਿਆਨ ਦਰਜ ਕੀਤੇ ਗਏ ਹਨ। ਬ੍ਰਿਜ ਭੂਸ਼ਣ ਅਤੇ ਕੋਚ ਦੇ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਦਿੱਲੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਹੋਰ ਮਹਿਲਾ ਪਹਿਲਵਾਨਾਂ ਦੇ ਵੀ ਜਲਦੀ ਹੀ ਬਿਆਨ ਦਰਜ ਕੀਤੇ ਜਾਣਗੇ। ਦਿੱਲੀ ਪੁਲਿਸ ਜਲਦੀ ਹੀ ਇਸ ਮਾਮਲੇ ਵਿੱਚ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਵੀ ਜਾਂਚ ਲਈ ਬੁਲਾ ਸਕਦੀ ਹੈ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਵਿੱਚੋਂ ਇੱਕ ਪੋਕਸੋ ਐਕਟ ਤਹਿਤ ਵੀ ਦਰਜ ਕੀਤਾ ਗਿਆ ਹੈ। ਉਸ 'ਤੇ ਇਕ ਨਾਬਾਲਿਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ।
ਇਹ ਵੀ ਪੜ੍ਹੋ : Hit And Run Case: ਬਿਹਾਰ ਦੇ ਸਾਂਸਦ ਨੇ ਕਾਰ ਦੇ ਬੋਨਟ ਉੱਤੇ ਨੌਜਵਾਨ ਨੂੰ 3 ਕਿਮੀ. ਤੱਕ ਘੜੀਸਿਆ !
ਪਹਿਲਵਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਹਨ। ਐਫਆਈਆਰ ਦਰਜ ਹੋਣ ਦੇ ਬਾਵਜੂਦ ਧਰਨਾ ਜਾਰੀ ਹੈ ਕਿਉਂਕਿ ਪ੍ਰਦਰਸ਼ਨਕਾਰੀਆਂ ਦਾ ਮੰਨਣਾ ਹੈ ਕਿ ਸਿਆਸੀ ਪ੍ਰਭਾਵ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ। ਵਰਨਣਯੋਗ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਨਾ ਕਰਨ ਨੂੰ ਲੈ ਕੇ 23 ਅਪ੍ਰੈਲ ਤੋਂ ਪਹਿਲਵਾਨ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਸਨ। ਦਿੱਲੀ ਮਹਿਲਾ ਕਮਿਸ਼ਨ ਨੇ ਵੀ ਐਫਆਈਆਰ ਦੀ ਮੰਗ ਨੂੰ ਲੈ ਕੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਸੀ।