ਨਵੀਂ ਦਿੱਲੀ: ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ, ਇੰਨ੍ਹਾਂ ਚੋਣਾਂ ਦਾ ਸੇਕ ਹੁਣ ਦਿੱਲੀ ਵਿੱਚ ਵੀ ਮਹਿਸੂਸ ਕੀਤਾ ਜਾ ਰਿਹਾ ਹੈ।
'ਕੇਜਰੀਵਾਲ ਦੀ ਕਹਿਣੀ ਤੇ ਕਰਨੀ 'ਚ ਫਰਕ'
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਾ ਸਿਰਫ਼ ਗੰਭੀਰ ਇਲਜ਼ਾਮ ਲਾਏ ਗਏ, ਸਗੋਂ ਇਹ ਵੀ ਕਿਹਾ ਗਿਆ ਕਿ ਅਰਵਿੰਦ ਕੇਜਰੀਵਾਲ ਦੀ ਕਹਿਣੀ ਤੇ ਕਰਨੀ ਵਿੱਚ ਕਾਫੀ ਫਰਕ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਬਾਰੇ ਝੂਠ ਬੋਲ ਕੇ ਪੰਜਾਬ ਦੇ ਹਿੰਦੂ ਵੋਟਰਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪ੍ਰੋ.ਭੁੱਲਰ ਦੀ ਰਿਹਾਈ ਦੀ ਮੰਗ
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੇ ਹਨ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਲੰਬੇ ਸਮੇਂ ਤੋਂ ਪ੍ਰੋਫੈਸਰ ਭੁੱਲਰ ਦੀ ਰਿਹਾਈ ਦੀ ਮੰਗ ਕਰ ਰਹੀ ਹੈ।
'2014 'ਚ ਕੇਜਰੀਵਾਲ ਨੇ ਕੀਤੀ ਸੀ ਰਿਹਾਈ ਦੀ ਗੱਲ'
ਉਨ੍ਹਾਂ ਦੱਸਿਆ ਕਿ 2014 'ਚ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਉਹ ਪੂਰੇ ਮਾਮਲੇ ਦਾ ਨੋਟਿਸ ਲੈਣਗੇ ਅਤੇ ਉਨ੍ਹਾਂ ਦੀ ਰਿਹਾਈ ਦੀ ਗੱਲ ਕਰਨਗੇ। ਦਿੱਲੀ ਕਮੇਟੀ ਪ੍ਰਧਾਨ ਨੇ ਕਿਹਾ ਕੇਜਰੀਵਾਲ ਵੱਲੋਂ ਦੋ ਦਿਨ ਪਹਿਲਾਂ ਪੰਜਾਬ ਅੰਦਰ ਪ੍ਰੈੱਸ ਕਾਨਫਰੰਸ ਕਰਕੇ ਇਹ ਕਿਹਾ ਹੈ ਕਿ ਪ੍ਰੋਫੈਸਰ ਭੁੱਲਰ ਨੂੰ ਰਿਹਾਅ ਕਰਵਾਉਣਾ ਉਨ੍ਹਾਂ ਦਾ ਕੰਮ ਨਹੀਂ ਹੈ।
'ਸਮੀਖਿਆ ਬੋਰਡ ਕਮੇਟੀ ਦੇ ਇੰਚਾਰਜ ਦਿੱਲੀ ਸਰਕਾਰ ਦੇ ਮੰਤਰੀ'
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦੱਸਿਆ ਕਿ ਇਹ ਸਜ਼ਾ ਸਮੀਖਿਆ ਬੋਰਡ ਕਮੇਟੀ ਦਾ ਕੰਮ ਹੈ। ਜਦਕਿ ਸਜ਼ਾ ਸਮੀਖਿਆ ਬੋਰਡ ਕਮੇਟੀ ਦੇ ਇੰਚਾਰਜ ਦਿੱਲੀ ਸਰਕਾਰ ਦੇ ਮੰਤਰੀ ਹਨ। ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਸਕੱਤਰ ਵੀ ਬੋਰਡ ਦੇ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਜ਼ਾ ਸਮੀਖਿਆ ਬੋਰਡ ਵੱਲੋਂ ਹੁਣ ਤੱਕ ਚਾਰ ਵਾਰ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾ ਚੁੱਕੀ ਹੈ।
'ਇਸ ਮਾਮਲੇ 'ਚ ਜੇਲ੍ਹ 'ਚ ਹਨ ਬੰਦ'
ਜਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਨੂੰ 1993 ਦੇ ਦਿੱਲੀ ਬੰਬ ਧਮਾਕੇ ਵਿੱਚ 9 ਲੋਕਾਂ ਦੀ ਹੱਤਿਆ ਅਤੇ 31 ਨੂੰ ਜ਼ਖਮੀ ਕਰਨ ਦੇ ਦੋਸ਼ ਵਿਚ ਸਜ਼ਾ ਸੁਣਾਈ ਗਈ ਸੀ। ਭੁੱਲਰ ਨੂੰ ਟਾਂਡਾ ਅਦਾਲਤ ਨੇ 2001 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਸਾਲ 2014 ਵਿੱਚ ਸੁਪਰੀਮ ਕੋਰਟ ਨੇ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।
ਇਹ ਵੀ ਪੜ੍ਹੋ:ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਕਾਸ਼ ਸਿੰਘ ਬਾਦਲ ਦੀ ਕੇਜਰੀਵਾਲ ਨੂੰ ਅਪੀਲ