ਹਰਿਆਣਾ/ ਪੰਚਕੂਲਾ: ਸੈਕਟਰ-5 ਸ਼ਾਲੀਮਾਰ ਗਰਾਊਂਡ ਪੰਚਕੂਲਾ ਵਿੱਚ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ। ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਮੁਲਾਜ਼ਮਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ-ਪੰਚਕੂਲਾ ਸਰਹੱਦ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਪੁਲਿਸ ਮੁਲਾਜ਼ਮਾਂ ਵੱਲੋਂ ਬੈਰੀਕੇਡਿੰਗ ਕੀਤੀ ਗਈ। ਜਦੋਂ ਵਰਕਰਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੰਚਕੂਲਾ ਪੁਲਿਸ ਨੇ ਵਰਕਰਾਂ 'ਤੇ ਜਲ ਤੋਪਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ।
ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਓਐਸਡੀ ਭੁਪੇਸ਼ਵਰ ਦਿਆਲ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਭਲਕੇ ਵਿਧਾਨ ਸਭਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ ਦੇ ਵਫ਼ਦ ਨੂੰ ਮਿਲਣਗੇ। ਇਸ ਤੋਂ ਬਾਅਦ ਕਰਮਚਾਰੀ ਸੰਘ ਦੇ ਪ੍ਰਧਾਨ ਵਰਿੰਦਰ ਧਾਰੀਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਉਨ੍ਹਾਂ ਨੂੰ ਮਿਲਣ ਲਈ ਬੁਲਾਇਆ ਹੈ।
ਦੱਸ ਦੇਈਏ ਕਿ ਇਸ ਪ੍ਰਦਰਸ਼ਨ ਵਿੱਚ ਹਰਿਆਣਾ ਦੇ ਸਾਰੇ ਵਿਭਾਗਾਂ ਦੇ ਸਰਕਾਰੀ ਕਰਮਚਾਰੀ ਹਿੱਸਾ ਲੈ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਵੱਡਾ ਅੰਦੋਲਨ ਵਿੱਢਣ ਲਈ ਮਜਬੂਰ ਹੋਵਾਂਗੇ। ਮੁਲਾਜ਼ਮਾਂ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਜੇਜੇਪੀ ਖ਼ਿਲਾਫ਼ ਵੋਟ ਪਾਉਣ ਦੀ ਗੱਲ ਕਹੀ। ਹਰਿਆਣਾ ਕਰਮਚਾਰੀ ਮਹਾਸੰਘ ਦੇ ਮੁਖੀ ਵਿਸ਼ਵਨਾਥ ਸ਼ਰਮਾ ਨੇ ਕਿਹਾ ਕਿ ਸਰਕਾਰ ਹਮੇਸ਼ਾ ਹੀ ਮੁਲਾਜ਼ਮਾਂ ਨਾਲ ਵਾਅਦੇ ਤੋਂ ਮੁੱਕਰਦੀ ਰਹੀ ਹੈ। ਹਰਿਆਣਾ ਸਰਕਾਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ।
ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਕੈਸ਼ਲੈਸ ਮੈਡੀਕਲੇਮ ਅਤੇ ਐਕਸ-ਗ੍ਰੇਸ਼ੀਆ ਸਕੀਮ ਦੀਆਂ ਮੰਗਾਂ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ ਇੱਕ ਸਰਕਾਰੀ ਮੁਲਾਜ਼ਮ 30 ਤੋਂ 35 ਸਾਲ ਸਰਕਾਰ ਦੀ ਨੌਕਰੀ ਕਰਦਾ ਹੈ ਅਤੇ ਉਸ ਨੂੰ ਬੁਢਾਪਾ ਪੈਨਸ਼ਨ ਨਾਲੋਂ ਘੱਟ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਕਿਹਾ ਕਿ ਇੱਕ ਪਾਸੇ ਤਾਂ ਸਾਰੇ ਮੰਤਰੀ ਤੇ ਵਿਧਾਇਕ ਪੈਨਸ਼ਨ ਦੀ ਸਹੂਲਤ ਲੈ ਰਹੇ ਹਨ ਤੇ ਦੂਜੇ ਪਾਸੇ ਮੁਲਾਜ਼ਮਾਂ ਦੀਆਂ ਜੇਬਾਂ ’ਤੇ ਡਾਕਾ ਮਾਰ ਰਹੇ ਹਨ। ਮੁਲਾਜ਼ਮਾਂ ਅਨੁਸਾਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ:- Sidhu moosewala: ਸਿੱਧੂ ਮੂਸੇਵਾਲਾ ਦੀਆਂ ਤਸਵੀਰਾਂ ਨਾਲ ਸ਼ਿੰਗਾਰਿਆ ਘੜੂਕਾ, ਤੁਸੀ ਵੀ ਦੇਖੋ ਸ਼ਬਜੀ ਵੇਚਣ ਵਾਲੇ ਫੈਨ ਦਾ ਪਿਆਰ