ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰਤੀ ਵਿਦੇਸ਼ ਮੰਤਰਾਲੇ ਨੇ ਕੋਰੋਨਾ ਮਹਾਂਮਾਰੀ ਦੇ ਕਾਰਨ ਜੱਥੇ 'ਚ ਕਟੌਤੀ ਕੀਤੀ ਹੈ। ਇਸ ਵਾਰ 27 ਨਵੰਬਰ ਤੋਂ 1 ਦਸੰਬਰ ਤੱਕ ਸਿੱਖ ਸ਼ਰਧਾਲੂਆਂ ਦਾ ਜੱਥਾ ਭਾਰਤ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਅਨੁਸਾਰ ਇਹ ਯਾਤਰਾ ਭਾਰਤ ਅਤੇ ਪਾਕਿਸਤਾਨ ਵਿਚਕਾਰ 1974 'ਚ ਹੋਏ ਸਮਝੌਤੇ ਦੇ ਅਨੁਸਾਰ ਹੋਵੇਗੀ। ਬੁਲਾਰੇ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਸੁਰੱਖਿਅਤ ਯਾਤਰਾ ਲਈ ਨਿਯਮਾਂ ਦਾ ਸਖ਼ਤਾਈ ਨਾਲ ਪਾਲਣ ਕਰਵਾਇਆ ਜਾਵੇਗਾ। ਇਸੇ ਨਾਲ ਹੀ ਜੱਥੇ ਦਾ ਆਕਾਰ ਵੀ ਛੋਟਾ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਹਰ ਸਾਲ ਵੱਡੀ ਗਿਣਤੀ 'ਚ ਸਿੱਖ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਸਮਾਗਮਾਂ 'ਚ ਹਿੱਸਾ ਲੈਣ ਲਈ ਪਾਸਿਕਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਜਾਂਦੇ ਸਨ। ਇਸ ਸਾਲ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ।