ਨਵੀਂ ਦਿੱਲੀ: ਕੋਵਿਡ-19 ਸੰਕਰਮਣ ਦੇ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਕਿਸਾਨ ਆਗੂਆਂ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਕੋਈ ਡਰ ਨਹੀਂ ਹੈ ਅਤੇ ਉਹ ਟੀਕਾ ਨਹੀਂ ਲਗਾਉਣਗੇ। ਜਿਕਰਯੋਗ ਹੈ ਕਿ ਕੋਵਿਡ -19 ਦੇ ਦੂਜੇ ਪੜਾਅ ਲਈ ਟੀਕਾਕਰਨ ਦੀ ਮੁਹਿੰਮ ਸੋਮਵਾਰ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਤਹਿਤ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕ ਜੋ ਗੰਭੀਰ ਬਿਮਾਰੀਆਂ ਤੋਂ ਪੀੜਤ ਹਨ, ਉਨ੍ਹਾਂ ਦੇ ਟੀਕਾਕਰਨ ਕੀਤਾ ਜਾ ਰਿਹਾ ਹੈ।
ਹਾਲਾਂਕਿ, ਕਿਸਾਨ ਆਗੂਆਂ ਨੇ ਇਹ ਵੀ ਕਿਹਾ ਹੈ ਕਿ ਉਹ ਦਿੱਲੀ ਦੀਆਂ ਸਰਹੱਦਾਂ 'ਤੇ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਨੂੰ ਟੀਕੇ ਲਗਾਉਣ ਤੋਂ ਨਹੀਂ ਰੋਕਣਗੇ, ਕਿਉਂਕਿ ਇਹ ਇੱਕ ਨਿੱਜੀ ਮਾਮਲਾ ਹੈ। ਹਜ਼ਾਰਾਂ ਕਿਸਾਨ ਤਿੰਨ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਤਿੰਨ ਸਰਹੱਦਾਂ ਸਿੰਘੂ, ਟਿੱਕਰੀ ਅਤੇ ਗਾਜੀਪੁਰ ਵਿਖੇ ਧਰਨਾ ਲਗਾਏ ਬੈਠੇ ਹਨ। ਉਨ੍ਹਾਂ ‘ਚੋਂ ਜਿਆਦਾਤਰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਹਨ। ਉਹ ਪਿਛਲੇ ਸਾਲ ਸਤੰਬਰ ‘ਚ ਕੇਂਦਰ ਦੁਆਰਾ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਮੂਹ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਬਲਵੀਰ ਸਿੰਘ ਰਾਜੇਵਾਲ (80) ਨੇ ਕਿਹਾ ਕਿ ਟੀਕਾਕਰਨ ਕੇਂਦਰ ਟੀਕੇ ਲਗਵਾਉਣ ਨਹੀਂ ਜਾਣਗੇ। ਰਾਜੇਵਾਲ ਨੇ ਕਿਹਾ ਕਿ ਮੈਨੂੰ ਟੀਕਾ ਲਗਵਾਉਣ ਦੀ ਜ਼ਰੂਰਤ ਨਹੀਂ ਹੈ। ਅਸੀਂ ਕੋਰੋਨਾ ਨੂੰ ਮਾਰ ਦਿੱਤਾ ਹੈ। ਕਿਸਾਨਾਂ ਦੀ ਪ੍ਰਤੀਰੋਧ ਸ਼ਕਤੀ ਮਜ਼ਬੂਤ ਹੈ, ਕਿਉਂਕਿ ਉਹ ਆਪਣੇ ਖੇਤਾਂ ‘ਚ ਸਖ਼ਤ ਮਿਹਨਤ ਕਰਦੇ ਹਨ। ਕਿਸਾਨ ਕੋਰੋਨਾ ਵਾਇਰਸ ਤੋਂ ਨਹੀਂ ਡਰਦੇ। ਇਸ ਦੇ ਨਾਲ ਹੀ ਇੱਕ ਹੋਰ ਸੀਨੀਅਰ ਆਗੂ ਜੋਗਿੰਦਰ ਸਿੰਘ ਉਗਰਾਹਾਂ (75) ਨੇ ਕਿਹਾ ਕਿ ਇਸ ਬੀਮਾਰੀ (ਕੋਰੋਨਾ ਵਾਇਰਸ ਦੀ ਲਾਗ) ਦਾ ਡਰ ਉਸਨੂੰ ਆਪਣੀ ਲੜਾਈ ਤੋਂ ਭਟਕਾਉਣ ਲਈ ਕਾਫ਼ੀ ਨਹੀਂ ਹੈ।
ਟਿਕਰੀ ਬਾਰਡਰ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਮੁਖੀ ਨੇ ਕਿਹਾ ਕਿ ਕਿਸਾਨਾਂ ਲਈ ਕੋਈ ਕੋਰੋਨਾ ਨਹੀਂ ਹੈ। ਮੈਂ ਵੈਕਸੀਨ ਦਾ ਟੀਕਾ ਨਹੀਂ ਲਗਵਾਉਣਾ, ਪਰ ਅਸੀਂ ਕਿਸੇ ਨੂੰ ਟੀਕਾ ਲਾਉਣ ਲਈ ਨਹੀਂ ਕਹਾਂਗੇ। ਹਾਲਾਂਕਿ, ਗਾਜੀਪੁਰ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਕਿਹਾ ਕਿ ਜੇ ਸਥਾਨਕ ਪ੍ਰਸ਼ਾਸਨ ਪ੍ਰਦਰਸ਼ਨਕਾਰੀ ਕਿਸਾਨਾਂ ਲਈ ਪ੍ਰਬੰਧ ਕਰਦਾ ਹੈ, ਤਾਂ ਬੀ.ਕੇ.ਯੂ ਆਗੂ ਰਾਕੇਸ਼ ਟਿਕੈਤ ਨੂੰ ਟੀਕਾ ਲਗਵਾਉਣ ‘ਚ ਕੋਈ ਮੁਸ਼ਕਲ ਨਹੀਂ ਹੈ।
ਸੰਯੁਕਤ ਕਿਸਾਨ ਮੋਰਚਾ ਦੇ 70 ਸਾਲਾ ਮੈਂਬਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਉਹ ਟੀਕਾ ਨਹੀਂ ਲਾਉਣਗੇ। ਸੰਧੂ ਨੇ ਕਿਹਾ ਕਿ ਅਸੀਂ ਕੋਰੋਨਾ ਵਾਇਰਸ ਤੋਂ ਡਰਦੇ ਨਹੀਂ ਹਾਂ। ਹਜ਼ਾਰਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਪਰ ਕੋਰੋਨਾ ਵਾਇਰਸ ਦੀ ਲਾਗ ਦਾ ਇਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।
ਬੀਤੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਈ ਸੀ ਤੇ ਨਾਲ ਹੀ ਪ੍ਰਧਾਨ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਜੋ ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਤਹਿਤ ਯੋਗ ਹਨ।
ਇਹ ਵੀ ਪੜ੍ਹੋ:ਮੰਤਰੀ ਮੰਡਲ ਵੱਲੋਂ ਪੰਜਾਬ ਬੁਨਿਆਦੀ ਢਾਂਚਾ ਸੋਧ ਬਿੱਲ ਬਜਟ ਇਜਲਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ