ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਦਿੱਲੀ ਦੇ ਬਾਰਡਰਾਂ 'ਤੇ ਵੱਡੀ ਗਿਣਤੀ 'ਚ ਕਿਸਾਨ ਡੱਟੇ ਹੋਏ ਹਨ। ਸ਼ੰਭੂ ਬਾਰਡਰ 'ਤੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਈਟੀਵੀ ਭਾਰਤ ਨਾਲ ਆਪਣੇ "ਮਨ ਕੀ ਬਾਤ" ਕੀਤੀ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੇ ਕਿਹਾ ਕਿ ਉਹ ਬੇਹਦ ਜ਼ਿਆਦਾ ਕਰਜ਼ੇ ਹੇਠ ਦੱਬੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਬਿਜਲੀ, ਮਹਿੰਗਾਈ, ਪੜ੍ਹਾਈਆਂ ਦਾ ਵੱਧ ਖ਼ਰਚਾ ਤੇ ਫਸਲਾਂ ਦਾ ਸਹੀ ਮੁੱਲ ਨਾ ਮਿਲਣ ਕਰਨਾ ਕਿਸਾਨ ਕਰਜ਼ੇ ਹੇਠ ਦੱਬ ਜਾਂਦਾ ਹੈ। ਕਰਜ਼ਾ ਨਾ ਉਤਰਨ ਦੇ ਹਲਾਤਾਂ 'ਚ ਮਜਬੂਰਨ ਕਈ ਕਿਸਾਨ ਖ਼ੁਦਕੁਸ਼ੀ ਕਰ ਲੈਂਦੇ ਹਨ। ਸਰਕਾਰ ਵੱਲੋਂ ਕਿਸਾਨਾਂ ਨੂੰ ਸਰਕਾਰ ਤੋਂ ਕੋਈ ਮਦਦ ਨਹੀਂ ਮਿਲੀ। ਪੰਜਾਬ ਦੇ ਕਿਸਾਨਾਂ ਨੇ ਕਿਹਾ ਕਿ ਚੰਗੀ ਸਿੱਖਿਆ ਹਾਸਲ ਕਰਨ ਤੋਂ ਬਾਅਦ ਵੀ ਪੰਜਾਬ ਦੇ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲਦਾ, ਸਰਕਾਰੀ ਸਹੂਲਤਾਂ ਨਾ ਮਿਲਣ ਦੇ ਚਲਦੇ ਉਨ੍ਹਾਂ ਮਜ਼ਬੂਰਨ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣਾ ਪੈਂਦਾ ਹੈ।
ਕਿਸਾਨਾਂ ਨੇ ਕਿਹਾ ਕਿ ਕੁੱਝ ਮੀਡੀਆਂ ਸੰਸਥਾਨਾਂ ਵੱਲੋਂ ਕਿਸਾਨ ਅੰਦੋਲਨ ਨੂੰ ਮਹਿਜ਼ ਮੇਲੇ ਵਾਂਗ ਪੇਸ਼ ਕੀਤਾ ਜਾ ਰਿਹਾ ਹੈ। ਜਦੋਂ ਕਿ ਕਿਸਾਨ ਆਪਣੇ ਹੱਕਾਂ ਲਈ ਠੰਢ 'ਚ ਧਰਨੇ 'ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀਂ ਦੇ ਦੌਰਾਨ ਉਹ ਆਪਣੀ ਫਸਲ 'ਤੇ ਲਗਾਤਾਰ 6 ਮਹੀਨੇ ਲਾਗਤ ਲਾਉਂਦੇ ਹਨ, ਪਰ ਉਨ੍ਹਾਂ ਨੂੰ ਫਸਲ ਦਾ ਸਹੀ ਮੁੱਲ ਨਹੀਂ ਮਿਲਦਾ। ਕਿਸਾਨਾਂ ਨੇ ਆਖਿਆ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਅਣਗੌਹਲਿਆਂ ਕਰ ਰਹੀ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਅਜਿਹਾ ਕਰ ਰਹੀ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਕੋਲੋਂ ਜਲਦ ਤੋਂ ਜਲਦ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਮੰਗਾਂ ਨਾ ਮੰਨੇ ਜਾਣ ਤੱਕ ਉਨ੍ਹਾਂ ਕਿਸਾਨ ਅੰਦੋਲਨ ਜਾਰੀ ਰੱਖਣ ਦੀ ਗੱਲ ਆਖੀ।