ਨਵੀਂ ਦਿੱਲੀ: ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਸਿੰਘੂ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਖਿਲਾਫ ਦਿੱਲੀ ਪੁਲਿਸ ਨੇ ਕੋਵੀਡ -19 ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦੇ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਮਹਾਂਮਾਰੀ ਕਾਨੂੰਨ ਤਹਿਤ ਦਰਜ ਕੀਤੀ ਗਈ ਹੈ। ਬੀਤੇ 29 ਨਵੰਬਰ ਤੋਂ ਸਿੰਘੂ ਸਰਹੱਦ 'ਤੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਡਿਉਟੀ ਨਿਭਾ ਰਹੇ ਦੋ ਆਈਪੀਐਸ ਵੀ ਕੋਰੋਨਾ ਨਾਲ ਸੰਕ੍ਰਮਿਤ ਹੋ ਗਏ ਹਨ।
ਕਿਸਾਨਾਂ ਦਾ ਪ੍ਰਦਰਸ਼ਨ ਜਾਰੀ
ਦੱਸ ਦਈਏ ਕਿ ਕੇਂਦਰ ਸਰਕਾਰ 3 ਖੇਤੀਬਾੜੀ ਬਿੱਲ ਲੈ ਕੇ ਆਈ ਸੀ, ਜੋ ਹੁਣ ਕਾਨੂੰਨ ਬਣ ਗਿਆ ਹੈ। ਕਿਸਾਨ ਪਿਛਲੇ 16 ਦਿਨਾਂ ਤੋਂ ਉਕਤ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲਵੇ। ਇਸ ਬਾਰੇ ਕਿਸਾਨਾਂ ਨਾਲ ਕਈ ਵਾਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ, ਪਰ ਕੋਈ ਹੱਲ ਨਹੀਂ ਨਿਕਲਿਆ। ਸਰਕਾਰ ਇਨ੍ਹਾਂ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਪਰ ਕਿਸਾਨ ਕਾਨੂੰਨ ਵਾਪਸ ਲੈਣ ਤੋਂ ਘੱਟ ਕਿਸੇ ਵੀ ਚੀਜ਼ ਨੂੰ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ।
ਮਹਾਂਮਾਰੀ ਦੇ ਮਾਮਲੇ ਵਿੱਚ ਹੋਈ ਐਫਆਈਆਰ
ਸਿੰਘੂ ਸਰਹੱਦ 'ਤੇ ਇਕੱਠੇ ਹੋਏ ਕਿਸਾਨਾਂ ਵੱਲੋਂ ਸਮਾਜਿਕ ਦੂਰੀ ਦੀ ਪਾਲਣਾ ਨਾ ਕਰਨ ਕਾਰਨ, ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਐਫਆਈਆਰ ਦਰਜ ਕੀਤੀ ਹੈ। ਇਹ ਐਫਆਈਆਰ ਸਰਕਾਰੀ ਹੁਕਮਾਂ ਦੀ ਉਲੰਘਣਾ ਅਤੇ ਮਹਾਂਮਾਰੀ ਕਾਨੂੰਨ ਤਹਿਤ ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਅਲੀਪੁਰ ਥਾਣੇ ਵਿਚ ਕਿਸਾਨਾਂ ਖਿਲਾਫ ਦੰਗੇ ਭੜਕਾਉਣ ਲਈ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ।