ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਸੋਮਵਾਰ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਸਰਹੱਦ ਪਾਰ ਦੀਆਂ ਅੱਤਵਾਦੀ ਏਜੰਸੀਆਂ ਦਾ ਸਮਰਥਨ ਪ੍ਰਾਪਤ ਹੈ ਅਤੇ ਉਹ ਕਈ ਹੱਤਿਆਵਾਂ, ਰਾਸ਼ਟਰਵਾਦੀ ਨੇਤਾਵਾਂ ਨੂੰ ਧਮਕੀ ਭਰੀਆਂ ਕਾਲਾਂ ਕਰਨ, ਫਿਰੌਤੀ ਦੀ ਮੰਗ ਕਰਨ ਅਤੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਹੱਤਿਆਵਾਂ ਦੇ ਦਾਅਵੇ ਪੋਸਟ ਕਰਨ ਵਿਚ ਸ਼ਾਮਲ ਹੈ।
ਕੈਨੇਡਾ ਸਥਿਤ ਅੱਤਵਾਦੀ ਨੇ ਸੀ ਨੇ 2022 ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਮੂਸੇਵਾਲਾ ਦੀ ਮਈ 2022 ਵਿੱਚ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਾਅਦ ਵਿੱਚ ਪੁਲਿਸ ਨੇ ਬਰਾੜ ਨੂੰ ਕਤਲ ਦਾ ਮਾਸਟਰਮਾਈਂਡ ਦੱਸਿਆ ਸੀ।
ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਉੱਚ ਦਰਜੇ ਦੇ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਦੀ ਤਸਕਰੀ ਕਰਨ ਅਤੇ ਹੱਤਿਆਵਾਂ ਕਰਨ ਲਈ ਸ਼ਾਰਪ ਸ਼ੂਟਰਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਿਲ ਸੀ।
ਇਸ ਤੋਂ ਇਲਾਵਾ ਮੰਤਰਾਲੇ ਨੇ ਕਿਹਾ ਕਿ ਉਹ ਅਤੇ ਉਸਦੇ ਸਾਥੀ ਪੰਜਾਬ ਰਾਜ ਵਿੱਚ ਤੋੜ-ਫੋੜ, ਅੱਤਵਾਦੀ ਮਾਡਿਊਲ ਸਥਾਪਤ ਕਰਨ, ਟਾਰਗੇਟ ਕਿਲਿੰਗ ਅਤੇ ਹੋਰ ਨਾਪਾਕ ਸਾਜ਼ਿਸ਼ਾਂ ਰਾਹੀਂ ਪੰਜਾਬ ਰਾਜ ਵਿੱਚ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੇ ਹਨ।