ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਰਮੀਤ ਸਿੰਘ ਕਾਲਕਾ ਨੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਨੇ ਚੋਣ ਨਤੀਜਿਆਂ ਵਿੱਚ ਹੋ ਰਹੀ ਦੇਰੀ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ। ਹਾਲਾਂਕਿ, ਪ੍ਰਧਾਨ ਦੇ ਅਹੁਦੇ ਲਈ ਹਰਮੀਤ ਸਿੰਘ ਕਾਲਕਾ ਅਤੇ ਪਰਮਜੀਤ ਸਿੰਘ ਸਰਨਾ ਉਮੀਦਵਾਰ ਸਨ। ਇਸ ਦੇ ਨਾਲ ਹੀ, ਚੇਅਰਮੈਨ ਦੇ ਅਹੁਦੇ ਦੀ ਇਸ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਗੁਰਦੇਵ ਸਿੰਘ ਨੂੰ ਕਾਰਜਕਾਰੀ ਚੇਅਰਮੈਨ ਚੁਣਿਆ ਗਿਆ।
"ਵਿਰੋਧੀ ਪਾਰਟੀਆਂ ਨੇ ਇਤਿਹਾਸ ਨੂੰ ਕਲੰਕਿਤ ਕੀਤਾ"
ਦਰਅਸਲ, ਨਿਯਮ ਦੇ ਤਹਿਤ ਚੇਅਰਮੈਨ ਦੇ ਅਹੁਦੇ ਲਈ ਚੋਣ ਕਰਵਾਉਣ ਲਈ ਇੱਕ ਮੈਂਬਰ ਨੂੰ ਕਾਰਜਕਾਰੀ ਚੇਅਰਮੈਨ ਵਜੋਂ ਚੁਣਿਆ ਜਾਂਦਾ ਹੈ, ਜਿਸ ਦੀ ਨਿਗਰਾਨੀ ਹੇਠ ਚੇਅਰਮੈਨ (ਮੁਖੀ) ਦੇ ਅਹੁਦੇ ਲਈ ਚੋਣ ਪ੍ਰਕਿਰਿਆ ਹੁੰਦੀ ਹੈ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਹਰਮੀਤ ਸਿੰਘ ਕਾਲਕਾ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕੀਤੀ।
ਉਨ੍ਹਾਂ ਕਿਹਾ ਕਿ ਕੱਲ੍ਹ ਜੋ ਵੀ ਹੋਇਆ ਉਹ ਬਹੁਤ ਮੰਦਭਾਗਾ ਸੀ। ਇਸ ਲਈ ਅਸੀਂ ਪ੍ਰਬੰਧਕ ਹੁੰਦਿਆਂ ਪਛਤਾਵੇਂ ਵਜੋਂ 25 ਜਨਵਰੀ ਨੂੰ ਸਵੇਰੇ 11 ਵਜੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸੰਗਤਾਂ ਨੂੰ ਇਸ ਮੌਕੇ ਵੱਧ ਚੜ੍ਹ ਕੇ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਕੱਲ੍ਹ ਜੋ ਕੀਤਾ, ਉਸ ਨੇ 50 ਸਾਲਾਂ ਦੇ ਇਤਿਹਾਸ ਨੂੰ ਕਲੰਕਿਤ ਕਰ ਦਿੱਤਾ ਹੈ।
"ਚੋਣ ਪ੍ਰਕਿਰਿਆ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ ਗਈ"
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਨੂੰ ਵਿਰੋਧੀ ਧਿਰ ਨੇ ਚੋਣ ਪ੍ਰਕਿਰਿਆ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਪੋਲਿੰਗ ਬੂਥ ਅਤੇ ਬੈਲਟ ਪੇਪਰ ਜ਼ਬਤ ਕਰ ਲਏ ਗਏ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੁੜਦੰਗਬਾਜ਼ੀ ਕਰਕੇ ਮਰਿਆਦਾ ਦੀ ਉਲੰਘਣਾ ਕੀਤੀ ਜਿਸ ਕਾਰਨ ਸਾਰੀ ਕੌਮ ਸ਼ਰਮਸਾਰ ਹੋਈ। ਉਨ੍ਹਾਂ ਦੱਸਿਆ ਕਿ ਅਸੀਂ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਵੀਡੀਓ ਪਾ ਕੇ ਸਾਰੀ ਚੋਣ ਪ੍ਰਕਿਰਿਆ ਦੀ ਜਾਂਚ ਕੀਤੀ ਜਾਵੇ।
"ਚੋਣਾਂ ਵਿੱਚ ਰੁਕਾਵਟ ਪਾਉਣ ਦੇ ਇਰਾਦੇ ਨਾਲ ਆਏ ਸਨ"
ਕਾਲਕਾ ਨੇ ਕਿਹਾ ਕਿ ਸਰਨਾ ਭਰਾਵਾਂ ਅਤੇ ਮਨਜੀਤ ਸਿੰਘ ਜੀਕੇ ਦੇ ਨਾਪਾਕ ਗਠਜੋੜ ਨੂੰ ਪਹਿਲਾਂ ਆਮ ਚੋਣਾਂ ਵਿੱਚ ਸੰਗਤ ਨੇ ਹਰਾਇਆ ਅਤੇ ਫਿਰ ਮੈਂਬਰਾਂ ਨੇ ਵੀ ਉਨ੍ਹਾਂ ਦਾ ਸਾਥ ਨਹੀਂ ਦਿੱਤਾ। ਇਸ ਤੋਂ ਨਿਰਾਸ਼ ਹੋ ਕੇ ਉਹ ਪਹਿਲਾਂ ਹੀ ਚੋਣਾਂ ਵਿੱਚ ਰੁਕਾਵਟ ਪਾਉਣ ਦੇ ਇਰਾਦੇ ਨਾਲ ਆਏ ਸਨ। ਜਿਵੇਂ ਕਿ, ਉਹ ਪਹਿਲਾਂ ਵੀ ਅਦਾਲਤਾਂ ਰਾਹੀਂ ਚੋਣਾਂ ਲਟਕਾਉਣ ਦੀ ਕੋਸ਼ਿਸ਼ ਕਰਦਾ ਰਿਹਾ ਹੈ।
"ਸਰਨਾ ਭਰਾਵਾਂ ਨੇ ਐਡਵੋਕੇਟ ਧਾਮੀ ਖਿਲਾਫ ਵੀ ਭੱਦੀ ਭਾਸ਼ਾ ਦੀ ਵਰਤੋਂ ਕੀਤੀ"
ਉਨ੍ਹਾਂ ਦੱਸਿਆ ਕਿ ਸਾਡੇ ਸੀਨੀਅਰ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਐਨਕਾਂ ਨਹੀਂ ਲਗਾਈਆਂ ਸਨ। ਇਸ ਲਈ ਉਨ੍ਹਾਂ ਨੇ ਪ੍ਰੋਟੈਮ ਚੇਅਰਮੈਨ ਗੁਰਦੇਵ ਸਿੰਘ ਨੂੰ ਪੁੱਛ ਲਿਆ ਕਿ ਵੋਟ ਕਿੱਥੇ ਪਾਉਣ ਹੈ ਜਿਸ ਤੋਂ ਬਾਅਦ ਸਰਨਾ ਭਰਾਵਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮਾਮਲੇ ਦੇ ਹੱਲ ਲਈ ਦਿੱਤੇ ਸੁਝਾਵਾਂ ਨੂੰ ਵੀ ਨਹੀਂ ਮੰਨਿਆ। 10 ਘੰਟੇ ਤੱਕ ਵੋਟਿੰਗ ਰੁਕੀ ਰਹੀ। ਇਸ ਤੋਂ ਬਾਅਦ ਪੁਲਿਸ ਨੇ ਵੀ ਉਸ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਸਰਨਾ ਭਰਾਵਾਂ ਨੇ ਐਡਵੋਕੇਟ ਧਾਮੀ ਖਿਲਾਫ ਵੀ ਭੱਦੀ ਭਾਸ਼ਾ ਦੀ ਵਰਤੋਂ ਕੀਤੀ।
ਹਰਮੀਤ ਕਾਲਕਾ ਨੇ ਦੱਸਿਆ ਕਿ ਪਹਿਲਾਂ ਕੀਤੇ ਐਲਾਨ ਅਨੁਸਾਰ ਦਿੱਲੀ ਕਮੇਟੀ ਦੇ ਸਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ 1 ਅਪ੍ਰੈਲ 2022 ਤੋਂ ਸਮਾਰਟ ਕਲਾਸਾਂ ਸ਼ੁਰੂ ਹੋ ਜਾਣਗੀਆਂ। ਬਾਲਾ ਸਾਹਿਬ ਹਸਪਤਾਲ ਬਾਰੇ ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡਾ ਪ੍ਰਾਜੈਕਟ ਹੈ ਜਿਸ ਨੂੰ ਕ੍ਰਮਵਾਰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਕਮੇਟੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਚੱਲੇਗਾ ਅਤੇ ਸੰਗਤਾਂ ਨੂੰ ਮੀਡੀਆ ਰਾਹੀਂ ਕਾਰਜਕਾਰਨੀ ਦੇ ਫੈਸਲਿਆਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਹਰਮੀਤ ਸਿੰਘ ਕਾਲਕਾ ਬਣੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ