ਨਵੀਂ ਦਿੱਲੀ: ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿਚ ਇੱਕ ਵਾਰ ਫਿਰ ਦਿੱਲੀ ਵਿੱਚ ਆਕਸੀਜਨ ਦੀ ਘਾਟ ਸਬੰਧੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਨੂੰ ਸਖਤੀ ਨਾਲ ਕਿਹਾ ਹੈ ਕਿ ਅਗਲੇ ਹੁਕਮਾਂ ਤੱਕ ਦਿੱਲੀ ਨੂੰ ਹਰ ਦਿਨ 700 ਮੀਟ੍ਰਿਕ ਟਨ ਆਕਸੀਜਨ ਦੀ ਸਪਲਾਈ ਕਰਨੀ ਹੋਵੇਗੀ।
ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਡੀ ਵਾਈ ਚੰਦਰਚੂੜ ਦੇ ਬੈਂਚ ਨੇ ਕੇਂਦਰ ਨੂੰ ਚੇਤਾਵਨੀ ਵੀ ਦਿੱਤੀ ਕਿ ਜੇ ਅਜਿਹਾ ਨਾ ਹੋਇਆ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਆਦੇਸ਼ ਜਾਰੀ ਕੀਤਾ ਜਾਵੇਗਾ। ਅਦਾਲਤ ਨੇ ਕਿਹਾ ਕਿ ਜਦੋਂ ਅਸੀਂ 700 ਮੀਟ੍ਰਿਕ ਟਨ ਕਹਿ ਰਹੇ ਹਾਂ, ਓਨੀ ਹੀ ਮਾਤਰਾ ਵਿਚ ਆਕਸੀਜਨ ਦਿਓ। ਸਾਨੂੰ ਸਖਤ ਕਦਮ ਚੁੱਕਣ ਲਈ ਮਜਬੂਰ ਨਾ ਕਰੋ।
ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਆਕਸੀਜਨ ਦਾ ਆਡਿਟ ਕਰਨ ਲਈ ਇਕ ਮਾਹਰ ਪੈਨਲ ਬਣਾਇਆ ਗਿਆ ਹੈ ਤਾਂ ਜੋ ਹਰੇਕ ਰਾਜ ਦੀਆਂ ਜ਼ਰੂਰਤਾਂ ਦਾ ਪਤਾ ਲਗਾਇਆ ਜਾ ਸਕੇ। ਸੁਣਵਾਈ ਦੌਰਾਨ, ਦਿੱਲੀ ਸਰਕਾਰ ਦੇ ਵਕੀਲ ਰਾਹੁਲ ਮਹਿਰਾ ਨੇ ਕਿਹਾ ਕਿ ਅੱਜ ਸਵੇਰੇ 9 ਵਜੇ ਤੱਕ, ਦਿੱਲੀ ਨੂੰ 89 ਮੀਟ੍ਰਿਕ ਟਨ ਆਕਸੀਜਨ ਮਿਲੀ ਸੀ ਤੇ 16 ਮੀਟਰਕ ਟ੍ਰਾਂਸਪੋਰਟ ਚੱਲ ਰਹੀ ਸੀ।