ਨਵੀਂ ਦਿੱਲੀ: ਪਾਕਿਸਤਾਨ 'ਚ ਸਿੱਖ ਭਾਈਚਾਰੇ ਨਾਲ ਸਬੰਧਤ ਵਿਅਕਤੀਆਂ 'ਤੇ ਹੋਏ ਹਮਲਿਆਂ ਤੋਂ ਬਾਅਦ ਭਾਰਤ ਸਰਕਾਰ ਹਰਕਤ 'ਚ ਆ ਗਈ ਹੈ। ਭਾਰਤ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਇੱਕ ਸੀਨੀਅਰ ਡਿਪਲੋਮੈਟ ਨੂੰ ਤਲਬ ਕੀਤਾ। ਜਾਣਕਾਰੀ ਮੁਤਾਬਕ ਭਾਰਤ ਨੇ ਪਾਕਿਸਤਾਨੀ ਅਧਿਕਾਰੀਆਂ ਨੂੰ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕਰਨ ਅਤੇ ਰਿਪੋਰਟ ਸਾਂਝੀ ਕਰਨ ਲਈ ਕਿਹਾ ਹੈ। ਭਾਰਤ ਨੇ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਵਿਰੁੱਧ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤ ਦੀ ਤਰਫੋਂ ਕਿਹਾ ਗਿਆ ਸੀ ਕਿ ਪਾਕਿਸਤਾਨ ਨੂੰ ਆਪਣੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ, ਜੋ ਧਾਰਮਿਕ ਜ਼ੁਲਮਾਂ ਦੇ ਡਰ ਵਿੱਚ ਰਹਿੰਦੇ ਹਨ।
ਬੀਤੇ ਸ਼ਨੀਵਾਰ ਨੂੰ ਹੋਈ ਹੱਤਿਆ: ਭਾਰਤ ਦੀ ਇਹ ਕਾਰਵਾਈ ਅਪ੍ਰੈਲ-ਜੂਨ 2023 ਦਰਮਿਆਨ ਸਿੱਖ ਭਾਈਚਾਰੇ ਵਿਰੁੱਧ ਚਾਰ ਘਟਨਾਵਾਂ ਤੋਂ ਬਾਅਦ ਆਈ ਹੈ। ਪਾਕਿਸਤਾਨ ਸਥਿਤ ‘ਦਿ ਨਿਊਜ਼ ਇੰਟਰਨੈਸ਼ਨਲ’ ਦੀ ਰਿਪੋਰਟ ਮੁਤਾਬਕ ਸਿੱਖ ਭਾਈਚਾਰੇ ਦੇ ਇਕ ਮੈਂਬਰ ਦੀ ਸ਼ਨੀਵਾਰ ਨੂੰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਮਨਮੋਹਨ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਕਕਸ਼ਾਲ ਇਲਾਕੇ 'ਚ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਹੱਤਿਆ ਕਰ ਦਿੱਤੀ ਸੀ।
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ: ਪੁਲਿਸ ਦੇ ਬੁਲਾਰੇ ਨੇ ਸ਼ਨੀਵਾਰ ਰਾਤ ਨੂੰ ਦੱਸਿਆ ਕਿ 34 ਸਾਲਾ ਮਨਮੋਹਨ ਸਿੰਘ ਸ਼ਨੀਵਾਰ ਸ਼ਾਮ ਨੂੰ ਇਕ ਆਟੋ-ਰਿਕਸ਼ਾ 'ਤੇ ਘਰ ਜਾ ਰਿਹਾ ਸੀ, ਜਦੋਂ ਗੁਲਦਾਰਾ, ਕਕਸ਼ਾਲ ਨੇੜੇ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਸ ਨੇ ਦਮ ਤੋੜ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਸੀਨੀਅਰ ਪੁਲਿਸ ਅਧਿਕਾਰੀ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਂਚ ਟੀਮਾਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤ ਇਕੱਠੇ ਕਰਨ ਲਈ ਮੌਕੇ 'ਤੇ ਪਹੁੰਚੀਆਂ। ਇਸ ਤੋਂ ਇਲਾਵਾ ਮੁਲਜ਼ਮਾਂ ਨੂੰ ਫੜਨ ਲਈ ਆਸਪਾਸ ਦੇ ਇਲਾਕੇ 'ਚ ਤਲਾਸ਼ੀ ਮੁਹਿੰਮ ਵੀ ਚਲਾਈ ਗਈ ਹੈ।
23 ਜੂਨ ਵੀ ਇਕ ਹੋਰ ਸਿੱਖ ਉੱਤੇ ਹੋਇਆ ਹਮਲਾ: ਇਸ ਤੋਂ ਪਹਿਲਾਂ, ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਡਗਬਾਰੀ ਇਲਾਕੇ 'ਚ ਇਕ ਹੋਰ ਸਿੱਖ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਮ੍ਰਿਤਕ ਦੀ ਪਛਾਣ ਤਰਲੁਗ ਸਿੰਘ ਪੁੱਤਰ ਮੱਖਣ ਸਿੰਘ ਵਜੋਂ ਹੋਈ ਹੈ। ਦਾਗਬਾੜੀ ਵਿੱਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਪੀੜਤ ਦੀ ਲੱਤ ਵਿੱਚ ਗੋਲੀ ਮਾਰੀ ਗਈ ਸੀ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਮਈ ਵਿੱਚ, ਸਰਦਾਰ ਸਿੰਘ ਨੂੰ ਪੂਰਬੀ ਸ਼ਹਿਰ ਲਾਹੌਰ ਵਿੱਚ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। 63 ਸਾਲਾ ਸਰਦਾਰ ਸਿੰਘ ਦੇ ਸਿਰ ਵਿੱਚ ਇੱਕ ਗੋਲੀ ਲੱਗੀ, ਜੋ ਸਿੱਖ ਕੌਮ 'ਤੇ ਤੀਜਾ ਹਮਲਾ ਹੈ। ਪਾਕਿਸਤਾਨ ਟੂਡੇ ਦੀ ਖਬਰ ਮੁਤਾਬਕ ਪੁਲਿਸ ਅਧਿਕਾਰੀ ਅਸਦ ਅੱਬਾਸ ਨੇ ਦੱਸਿਆ ਕਿ ਹਮਲੇ 'ਚ ਬਾਡੀਗਾਰਡ ਜ਼ਖਮੀ ਹੋ ਗਿਆ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਦਿਆਲ ਸਿੰਘ ਦੀ ਪੇਸ਼ਾਵਰ ਵਿੱਚ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਜਿਵੇਂ ਕਿ ਪਾਕਿਸਤਾਨ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਿਸ਼ਾਨਾ ਬਣਾ ਕੇ ਹੱਤਿਆਵਾਂ ਵੱਧ ਰਹੀਆਂ ਹਨ, ਘੱਟ ਗਿਣਤੀ ਭਾਈਚਾਰਾ ਅਤੇ ਖਾਸ ਤੌਰ 'ਤੇ ਸਿੱਖ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਪਾਕਿਸਤਾਨ ਸਰਕਾਰ ਦੀ ਘੱਟ ਗਿਣਤੀਆਂ ਦੀ ਸੁਰੱਖਿਆ ਵਿੱਚ ਅਸਫਲਤਾ ਅਪਰਾਧੀਆਂ ਨੂੰ ਸਜ਼ਾ ਤੋਂ ਬਚਣ ਲਈ ਉਤਸ਼ਾਹਿਤ ਕਰ ਰਹੀ ਹੈ। (ਏਐਨਆਈ)