ਨਵੀਂ ਦਿੱਲੀ: ਪੰਜਾਬ, ਹਰਿਆਣਾ ਅਤੇ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਨੂੰ ਘੇਰਾ ਪਾਈ ਬੈਠੇ ਹਨ। ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦਿੱਲੀ ਬਾਰਡਰ 'ਤੇ ਪਿਛਲੇ ਦਿਨਾਂ ਤੋਂ ਵੱਡੀ ਗਿਣਤੀ 'ਚ ਕਿਸਾਨ ਡਟੇ ਹੋਏ ਹਨ। ਕਿਸਾਨਾਂ ਦੇ ਇਸ ਵਿਸ਼ਾਲ ਪ੍ਰਦਰਸ਼ਨ ਤੋਂ ਜਿੱਥੇ ਕੇਂਦਰ ਸਰਕਾਰ ਦੇ ਪਸੀਨੇ ਛੁੱਟੇ ਹੋਏ ਹਨ, ਉੱਥੇ ਹੀ ਦੇਸ਼ ਭਰ ਦੀਆਂ ਖੂਫੀਆਂ ਏਜੰਸੀਆਂ ਕਿਸਾਨਾਂ ਦੇ ਸੰਘਰਸ਼ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ।
ਕੇਂਦਰ ਸਰਕਾਰ ਵੱਲੋਂ ਬਣਾਏ ਗਏ ਇਨ੍ਹਾਂ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਉੱਥੇ ਹੀ ਹੁਣ ਇਹ ਵਿਰੋਧ ਪ੍ਰਦਰਸ਼ਨ ਵੱਡਾ ਰੂਪ ਲੈ ਚੁੱਕਿਆ ਹੈ ਤੇ ਕਿਸਾਨ ਦਿੱਲੀ ਬਾਰਡਰ 'ਤੇ ਦ੍ਰਿੜ ਇਰਾਦੇ ਨਾਲ ਡਟੇ ਹੋਏ ਹਨ। ਦਿੱਲੀ ਦੇ ਸਿੰਘੂ ਬਾਰਡਰ 'ਤੇ ਖੁਫੀਆਂ ਏਜੰਸੀਆਂ ਐਕਟਿਵ ਹਨ ਤੇ ਅੰਦੋਲਨ ਦੌਰਾਨ ਹੋ ਰਹੀ ਹਰ ਤਰ੍ਹਾਂ ਦੀ ਹਲਚਲ 'ਤੇ ਨਜ਼ਰ ਰੱਖ ਰਹੀਆਂ ਹਨ।
ਪਿੱਛੇ ਹਟਣ ਲਈ ਤਿਆਰ ਨਹੀਂ ਕਿਸਾਨ
ਸਿੰਘੂ ਬਾਰਡਰ 'ਤੇ ਤਾਇਨਾਤ ਇੱਕ ਅਧਿਕਾਰੀ ਦਾ ਕਹਿਣਾ ਹੈ ਕਿ ਬਾਰਡਰ 'ਤੇ ਬੈਠੇ ਲੋਕ ਕਾਨੂੰਨਾਂ ਨੂੰ ਵਾਪਸ ਲੈਣ ਤੱਕ ਹਟਣ ਨੂੰ ਤਿਆਰ ਨਹੀਂ ਹਨ। ਹਰ ਦਿਨ ਹਜ਼ਾਰਾਂ ਦੀ ਤਦਾਦ ਵਿੱਚ ਕਿਸਾਨ ਪ੍ਰਦਰਸ਼ਨ 'ਚ ਸ਼ਾਮਲ ਹੋ ਰਹੇ ਹਨ। ਉੱਥੇ ਜਿਹੜੇ ਲੋਕਾਂ 'ਤੇ ਕਿਸੇ ਪ੍ਰਕਾਰ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਂਦੀ ਹੈ।