ਲਖਨਊ : ਲਖੀਮਪੁਰ ਖੀਰੀ ਦੇ ਤਿਕੁਨੀਆ ਪਿੰਡ 'ਚ ਹੋਈ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਮਾਮਲੇ ਦੀ ਸੁਣਵਾਈ 'ਚ ਸ਼ਾਮਲ ਜਸਟਿਸ ਰਾਜੀਵ ਸਿੰਘ ਨੇ ਖੁਦ ਨੂੰ ਇਸ ਮਾਮਲੇ ਤੋਂ ਵੱਖ ਕਰ ਲਿਆ ਹੈ। ਹੁਣ ਹਾਈਕੋਰਟ ਦੇ ਚੀਫ਼ ਜਸਟਿਸ ਹੀ ਤੈਅ ਕਰਨਗੇ ਕਿ ਕਿਹੜਾ ਜੱਜ ਇਸ ਮਾਮਲੇ ਦੀ ਸੁਣਵਾਈ ਕਰੇਗਾ।
ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਰਾਜੀਵ ਸਿੰਘ ਨੇ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ। 18 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਕੇ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਸਨ। ਹੁਣ ਜਸਟਿਸ ਰਾਜੀਵ ਸਿੰਘ ਨੇ ਇਸ ਕੇਸ ਤੋਂ ਖੁਦ ਨੂੰ ਵੱਖ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ 'ਚ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਮੋਨੂੰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਥਾਰ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਇਸ ਵਿੱਚ 4 ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਮਾਮਲੇ ਵਿੱਚ ਆਸ਼ੀਸ਼ ਮਿਸ਼ਰਾ ਅਤੇ 12 ਹੋਰ ਮੁਲਜ਼ਮਾਂ ਨੂੰ ਜੇਲ੍ਹ ਭੇਜਿਆ ਗਿਆ ਸੀ।
ਇਸ ਦੇ ਨਾਲ ਹੀ,ਕਥਿਤ 3 ਭਾਜਪਾ ਵਰਕਰਾਂ ਦੀ ਵੀ ਕੁੱਟਮਾਰ ਕੀਤੀ ਗਈ। ਐਸਆਈਟੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਮਾਮਲੇ ਦੀ ਜਾਂਚ ਕਰ ਰਹੀ ਸੀ। 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਐਸਆਈਟੀ ਨੇ ਆਸ਼ੀਸ਼ ਨੂੰ ਮੁੱਖ ਮੁਲਜ਼ਮ ਦੱਸਦਿਆਂ ਉਸ ’ਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਕਰਨ ਦਾ ਦੋਸ਼ ਲਾਇਆ ਸੀ।
ਇਸ 'ਚ ਕੇਂਦਰੀ ਮੰਤਰੀ ਦੇ ਬੇਟੇ 'ਤੇ ਕਤਲ ਸਮੇਤ ਕਈ ਗੰਭੀਰ ਧਾਰਾਵਾਂ 'ਚ ਮਾਮਲਾ ਦਰਜ ਕਰਨ ਦੇ ਨਾਲ-ਨਾਲ ਜੇਲ ਭੇਜ ਦਿੱਤਾ ਗਿਆ ਸੀ। 15 ਫ਼ਰਵਰੀ ਨੂੰ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਬਾਹਰ ਆਇਆ ਸੀ। ਕਿਸਾਨ ਪਰਿਵਾਰ ਨੇ ਜ਼ਮਾਨਤ ਦੇ ਹੁਕਮ ਨੂੰ ਰੱਦ ਕਰਵਾਉਣ ਲਈ 27 ਫ਼ਰਵਰੀ ਨੂੰ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। 4 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਹੁਕਮ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫਿਰ ਫੈਸਲਾ ਸੁਣਾਉਂਦੇ ਹੋਏ ਸੁਪਰੀਮ ਕੋਰਟ ਨੇ ਆਸ਼ੀਸ਼ ਦੀ ਜ਼ਮਾਨਤ ਰੱਦ ਕਰਦਿਆਂ ਹਾਈ ਕੋਰਟ ਦੇ ਹੁਕਮਾਂ ਨੂੰ ਪਲਟ ਦਿੱਤਾ।
ਇਹ ਵੀ ਪੜ੍ਹੋ : ਸਪਾ ਸੈਂਟਰ ਦੇ ਨਾਮ 'ਤੇ ਦੇਹ ਵਪਾਰ ਦਾ ਧੰਦਾ ਚਲਾ ਰਹੇ ਜੋੜੇ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ