ਨਵੀਂ ਦਿੱਲੀ: ਏਸ਼ੀਆ ਦੇ ਵੱਡੇ ਮਾਰਕਿਟ ਵਿੱਚ ਸ਼ੁਮਾਰ ਗਾਂਧੀ ਨਗਰ ਮਾਰਕੀਟ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਦੁਕਾਨ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਭਿਆਨਕ ਸੀ ਕਿ ਅੱਗ 'ਤੇ ਕਾਬੂ ਪਾਉਣ ਲਈ ਦੋ ਦਰਜਨ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈ।
ਅੱਗ ਲੱਗਣ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੀ ਖ਼ਬਰ ਨਾਲ ਸਾਰੇ ਬਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।
ਜਾਣਕਾਰੀ ਮੁਤਾਬਕ ਅੱਗ ਬੁਝਾਊ ਦਸਤੇ ਨੂੰ ਰਾਤ ਕਰੀਬ 8:25 'ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ। ਇਸ ਤੋਂ ਪਹਿਲਾਂ ਹੀ ਅੱਗ ਨੇ ਤਿੰਨ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਮਾਰਤ ਵਿੱਚ ਕੱਪੜਿਆਂ ਦੀ ਦੁਕਾਨ ਤੋਂ ਇਲਾਵਾ ਕੱਪੜੇ ਦੇ ਗੋਦਾਮ ਵੀ ਹਨ।
ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਇੱਕ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ।