ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵਿਰੋਧੀ ਧਿਰ ਦੀਆਂ ਪਾਰਟੀਆਂ ਵੀ ਨਿਤਰ ਗਈਆਂ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਐੱਨਸੀਪੀ ਮੁਖੀ ਸ਼ਰਦ ਪਵਾਰ, ਮਾਰਕਸੀ ਪਾਰਟੀ ਦੇ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਤੇ ਫਾਰੂਕ ਅਬਦੁੱਲਾ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਸਾਨਾਂ ਦੇ ਅੱਠ ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕੀਤਾ ਤੇ ਕੇਂਦਰ ਸਰਕਾਰ 'ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਹੈ। ਖੇਤੀ ਕਾਨੂੰਨਾਂ ਦੇ ਨਾਲ ਉਨ੍ਹਾਂ ਬਿਜਲੀ ਸੋਧ ਬਿੱਲ ਨੂੰ ਵੀ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਦਾ ਸਮਰਥਨ ਕੀਤਾ।
ਡੀਐੱਮਕੇ ਆਗੂ ਐੱਮਕੇ ਸਟਾਲਿਨ, ਆਰਜੇਡੀ ਆਗੂ ਤੇਜਸਵੀ ਯਾਦਵ, ਐੱਸਪੀ ਮੁਖੀ ਅਖਿਲੇਸ਼ ਯਾਦਵ, ਭਾਰਤੀ ਕਮਿਊਨਿਸਟ ਪਾਰਟੀ ਦੇ ਡੀ ਰਾਜਾ, ਭਾਕਪਾ-ਮਾਲੇ ਦੇ ਦੀਪਾਂਕਰ ਭੱਟਾਚਾਰੀਆ ਵੀ ਸ਼ਾਮਲ ਹਨ ਵੱਲੋਂ ਦਸਤਖ਼ਤ ਕੀਤੇ ਗਏ।
ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਅਨਿਲ ਦਿਸਾਈ ਨੇ ਕਿਹਾ ਕਿ ਊਧਵ ਠਾਕਰੇ ਇਨ੍ਹਾਂ ਬਿੱਲਾਂ ਦੇ ਖਿਲਾਫ਼ ਹਨ ਅਤੇ ਕਿਸਾਨਾਂ ਦੇ ਭਾਰਤ ਬੰਦ ਦਾ ਸਮਰਥਨ ਕਰਦੇ ਹਨ। ਇਸ ਤੋਂ ਪਹਿਲਾਂ ਅਕਾਲੀ ਆਗੂ ਪ੍ਰੇਮ ਸਿੰਘ ਚੁੰਦੂਮਾਜਰਾ ਨੇ ਊਧਵ ਠਾਕਰੇ ਨਾਲ ਮੁਲਾਕਾਤ ਕੀਤੀ ਸੀ।
ਵਿਰੋਧੀ ਪਾਰਟੀਆਂ ਨੇ ਸਰਕਾਰ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਇਹ ਕਾਨੂੰਨ ਜ਼ਬਰਦਸਤੀ ਕਿਸਾਨਾਂ ਦੇ ਸਿਰ ਮੰਨੇ ਜਾ ਰਹੇ ਹਨ। ਕੇਂਦਰ ਸਰਕਾਰ ਲੋਕਤੰਤਰ ਦੇ ਮੁੱਲਾਂ ਦਾ ਪਾਲਣ ਨਹੀਂ ਕਰ ਰਹੀ ਹੈ।
ਖੇਤੀ ਕਾਨੂੰਨਾਂ ਨੂੰ ਲੈਕੇ ਐਨਸੀਪੀ ਆਗੂ ਸ਼ਰਦ ਪਵਾਰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੇ ਨਾਲ ਸੀਤਾਰਾਮ ਯੇਚੁਰੀ, ਡੀ ਰਾਜਾ ਤੇ ਡੀਐੱਮਕੇ ਐੱਮਪੀ ਟੀਆਰ ਬਾਲੂ ਵੀ ਹੋਣਗੇ।