ਚੰਡੀਗੜ੍ਹ: ਦੇਸ਼ ਵਿਰੋਧੀ ਗਤੀਵਿਧੀਆਂ ਦੇ ਮਾਮਲੇ ਵਿੱਚ ਭਗੌੜੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਇੰਗਲੈਂਡ ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ ਉੱਤੇ ਕੇਂਦਰ ਸਰਕਾਰ ਦੇ ਦਬਾਅ ਤੋਂ ਪੁਲਿਸ ਨੇ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਵਿਦੇਸ਼ਾਂ ਵਿੱਚ ਬੈਠੇ ਖਾਲਿਸਤਾਨੀ ਸਮਰਥਕਾਂ ਦੇ ਪਾਸਪੋਰਟ ਰੱਦ ਕਰਨ ਲਈ ਭਾਰਤ ਸਰਕਾਰ ਨੇ ਤਿਆਰੀ ਆਰੰਭ ਦਿੱਤੀ ਹੈ। ਭਾਰਤੀ ਪਾਸਪੋਰਟ ਲੈਕੇ ਵਿਦੇਸ਼ਾਂ ਵਿੱਚ ਭਾਰਤ ਦੇ ਹੀ ਵਿਰੁੱਧ ਗਤੀਵਿਧੀਆਂ ਕਰ ਰਹੇ ਲੋਕਾਂ ਦੇ ਪੂਰੇ ਵੇਰਵੇ ਅਤੇ ਸਟੇਟਸ ਰਿਪੋਰਚ ਕੇਂਦਰ ਵੱਲੋਂ ਪੰਜਾਬ ਸਰਕਾਰ ਤੋਂ ਮੰਗੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਖਾਲਿਸਤਾਨ ਸਮਰਥਕਾਂ ਦੀਆਂ ਵੀਡੀਓਜ਼ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਹੁਣ ਇਹ ਤੈਅ ਮੰਨਿਆ ਜਾ ਰਿਹਾ ਹੈ ਕਿ ਤਿਰੰਗੇ ਦਾ ਨਿਰਾਦਰ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਡਿਪੋਰਟ ਕਰਵਾਉਣ ਦੀ ਤਿਆਰੀ: ਕੇਂਦਰੀ ਏਜੰਸੀਆਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਖਾਲਿਸਤਾਨੀ ਸਮਰਥਕਪੰਜਾਬ ਦੇ ਕਿਹੜੇ ਸ਼ਹਿਰ ਅਤੇ ਪਿੰਡ ਨਾਲ ਸਬੰਧਤ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇੱਕ ਦਰਜਨ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਜੰਡਿਆਲਾ ਗੁਰੂ ਦੇ ਪਿੰਡ ਦਾ ਵਸਨੀਕ ਹੈ। ਵੀਡੀਓ 'ਚ ਕੁਝ ਲੋਕ ਤਰਨਤਾਰਨ, ਮਜੀਠਾ, ਹੁਸ਼ਿਆਰਪੁਰ ਅਤੇ ਸੰਗਰੂਰ ਦੇ ਵੀ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਬਹੁਤ ਜਲਦ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਜੋ ਉਕਤ ਵਿਅਕਤੀਆਂ ਦੇ ਪਾਸਪੋਰਟ ਰੱਦ ਕਰਕੇ ਉਨ੍ਹਾਂ ਨੂੰ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ਸਕੇ | ਮੀਡੀਆ ਰਿਪੋਰਟਾਂ ਮੁਤਾਬਿਕ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਵਿਦੇਸ਼ਾਂ 'ਚ ਬੈਠੇ ਅਜਿਹੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ 'ਤੇ ਵੀ ਕੇਸ ਦਰਜ ਕਰੇਗੀ।
ਵੱਖਵਾਦੀ ਗਤੀਵਿਧੀਆਂ: ਦੱਸ ਦਈਏ ਪਿਛਲੇ ਦਿਨੀਂ ਯੂਕੇ ਵਿੱਚ ਭਾਰਤੀ ਅੰਬੈਸੀ ਦੇ ਬਾਹਰ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਸੀ। ਉਸੇ ਤਰ੍ਹਾਂ ਬਾਅਦ ਵਿੱਚ ਸੇਨ ਫਰਾਂਸਿਸਕੋ ਵਿੱਚ ਖਾਲਿਸਤਾਨੀ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਿਕ ਸੇਨ ਫਰਾਂਸਿਸਕੋ ਦੇ ਬਾਹਰ ਕਰੀਬ 200 ਖਾਲਿਸਤਾਨੀ ਸਮਰਥਕ ਇਕੱਠੇ ਹੋਏ ਅਤੇ ਵੱਖਵਾਦੀ ਨਾਅਰੇ ਲਾਏ। ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾਵਾਂ ਵਿੱਚ ਲਾਊਡਸਪੀਕਰਾਂ ’ਤੇ ਭਾਰਤ ਵਿਰੋਧੀ ਭਾਸ਼ਣ ਦਿੱਤੇ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਕਰੈਕਡਾਊਨ ਦੌਰਾਨ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ ਕੀਤਾ। ਹਾਲਾਂਕਿ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਸੇਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ: Press Club in Washington: ਵਾਸ਼ਿੰਗਟਨ ਵਿੱਚ ਕਸ਼ਮੀਰ ਦੇ ਬਦਲਾਅ 'ਤੇ ਪ੍ਰਦਰਸ਼ਨਕਾਰੀਆਂ ਨੇ ਚਰਚਾ ਵਿੱਚ ਪਾਇਆ ਵਿਘਨ