ਚੰਡੀਗੜ੍ਹ: ਦੇਸ਼ ਵਿੱਚ ਵਧ ਰਹੀਆਂ ਪੈਟਰੋਲ-ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 2 ਘੰਟੇ ਦੇ ਲਈ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਧਰਨੇ ਦੀ ਸਮਾਪਤੀ ਹੋਣ ਤੋਂ ਬਾਅਦ ਹਾਰਨ ਵਜਾ ਕੇ ਕੇਂਦਰ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵਧ ਰਹੀ ਮਹਿੰਗਾਈ ਨੂੰ ਨਹੀਂ ਰੋਕਦੀ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਗੁੱਸਾ ਜਾਰੀ ਰਹੇਗਾ।
ਇਹ ਵੀ ਪੜੋ: ਘੋੜਾ ਗੱਡੀ ਤੇ ਚੜਕੇ ਮਹਿੰਗਾਈ ਖ਼ਿਲਾਫ ਜਤਾਇਆ ਰੋਸ
ਮਾਨਸਾ ਕੈਂਚੀਆਂ ’ਤੇ ਵੀ ਕਿਸਾਨਾਂ ਵਲੋਂ ਧਰਨਾ ਲਗਾ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਜਲਦ ਹੀ ਇਨ੍ਹਾਂ ਕੀਮਤਾਂ ਵਿਚ ਕਟੌਤੀ ਨਹੀਂ ਕਰਦੀ ਤਾਂ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।
ਉਥੇ ਹੀ ਬਰਨਾਲਾ ਵਿੱਚ ਵੀ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਉਸ ਮੌਕੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੀ ਲੜਾਈ ਵੀ ਇਹੀ ਹੈ ਕਿ ਜੇਕਰ ਖੇਤੀ ਕਾਰਪੋਰੇਟ ਕੰਪਨੀਆਂ ਦੇ ਕੋਲ ਚਲੀ ਗਈ ਤਾਂ ਲੋਕਾਂ ਨੂੰ ਆਟਾ ਦਾਲ ਵੀ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਭਾਅ ਮਿਲੇਗਾ।
ਬਠਿੰਡਾ ’ਚ ਕਿਸਾਨਾਂ ਦਾ ਕਹਿਣਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਉਨ੍ਹਾਂ ਵਲੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਮਹਿੰਗਾਈ ਖਿਲਾਫ਼ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ।
ਉਥੇ ਹੀ ਅੰਮ੍ਰਿਤਸਰ 'ਚ ਔਰਤਾਂ ਵਲੋਂ ਵੀ ਪ੍ਰਦਰਸ਼ਨ 'ਚ ਸਾਥ ਦਿੰਦਿਆਂ ਸਿਲੰਡਰ ਰੱਖ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਹੈ।
ਲੁਧਿਆਣਾ ’ਚ ਮਹਿੰਗਾਈ ਖਿਲਾਫ਼ ਸੜਕਾਂ 'ਤੇ ਉਤਰੇ ਕਿਸਾਨਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦੇ ਚੱਕਰ 'ਚ ਆਮ ਵਰਗ ਦਾ ਧਿਆਨ ਨਹੀਂ ਰੱਖ ਰਹੀ।
ਜਿਥੇ ਕਿਸਾਨ ਖੇਤੀ ਕਾਨੂੰਨਾਂ ਨੂੰ ਲੈਕੇ ਕੇਂਦਰ ਖਿਲਾਫ਼ ਸੰਘਰਸ਼ ਕਰ ਰਹੇ ਹਨ, ਉਥੇ ਹੀ ਹੁਣ ਤੇਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈਕੇ ਵੀ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਿਸਾਨਾਂ ਵਲੋਂ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੋ ਜਿੱਥੇ ਇੱਕ ਪਾਸੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ, ਉਥੇ ਹੀ ਹੁਣ ਮਹਿੰਗਾਈ ਖ਼ਿਲਾਫ਼ ਵੀ ਕਿਸਾਨ ਡਟ ਗਏ ਹਨ।
ਇਹ ਵੀ ਪੜੋ: ਮਹਿੰਗਾਈ ਖਿਲਾਫ਼ ਕਿਸਾਨਾਂ ਨੇ ਕੀਤਾ ਮੋਦੀ ਸਰਕਾਰ ਦਾ ਪਿੱਟ-ਸਿਆਪਾ