ਨਵੀਂ ਦਿੱਲੀ: ਰਾਸ਼ਟਰਪਤੀ ਰਾਮਨਾਥ ਕੋਵਿੰਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਹਨ। ਰਾਸ਼ਟਰਪਤੀ ਦਫ਼ਤਰ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਜਿਹੜੀ ਮੰਗਲਵਾਰ 30 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਹ ਏਮਜ਼ ਵਿੱਚ ਮਾਹਰਾਂ ਦੀ ਨਿਗਰਾਨੀ ਵਿੱਚ ਹਨ।
ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸੈਨਾ ਹਸਪਤਾਲ ਵਿੱਚ ਭਰਤੀ ਸਨ ਰਾਸ਼ਟਰਪਤੀ ਕੋਵਿੰਦ
ਦੱਸ ਦੇਈਏ ਕਿ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਕੋਵਿੰਦ ਨੂੰ ਸੈਨਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਮੁਤਾਬਕ ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ। ਭਾਰਤੀ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਗਲੀ ਜਾਂਚ ਲਈ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭੇਜਿਆ ਗਿਆ ਹੈ। ਹਸਪਤਾਲ ਦੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ,''ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ ਹੈ। ਉਨ੍ਹਾਂ ਦੀ ਅਗਲੀ ਜਾਂਚ ਲਈ ਏਮਜ਼ (ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾ) ਭੇਜਿਆ ਗਿਆ ਹੈ।
ਟਵੀਟ ਕਰਕੇ ਦਿੱਤੀ ਜਾਣਕਾਰੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਸ਼ਟਰਪਤੀ ਕੋਵਿੰਦ ਦੀ ਸਿਹਤ ਦੀ ਜਾਣਕਾਰੀ ਲਈ। ਰਾਸ਼ਟਰਪਤੀ ਭਵਨ ਦੇ ਟਵੀਟ ਵਿੱਚ ਕਿਹਾ ਗਿਆ ਹੈ ਕਿ, ''ਨਿਯਮਤ ਮੈਡੀਕਲ ਜਾਂਚ ਤੋਂ ਬਾਅਦ ਡਾਕਟਰਾਂ ਵੱਲੋਂ ਰਾਸ਼ਟਰਪਤੀ ਦੀ ਦੇਖਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲੈਣ ਵਾਲੇ ਸਾਰੇ ਸ਼ੁਭਚਿੰਤਕਾਂ ਪ੍ਰਤੀ ਰਾਸ਼ਟਰਪਤੀ ਨੇ ਧੰਨਵਾਦ ਕੀਤਾ ਹੈ।''