ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਕੀਤੀ। ਇਹ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਤੌਰ ਮੁੱਖ ਮੰਤਰੀ ਪਹਿਲੀ ਮੁਲਾਕਾਤ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀਐੱਮ ਭਗਵੰਤ ਮਾਨ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਮਿਲ ਸਕਦੇ ਹਨ।
ਮੁਲਾਕਾਤ ਤੋਂ ਬਾਅਦ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਪੰਜਾਬ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਅਸੀਂ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ।
ਸੀਐੱਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੀਐੱਮ ਨਰਿੰਦਰ ਮੋਦੀ ਦੇਸ਼ ਦੀ ਆਜਾਦੀ ’ਚ ਅਹਿਮ ਰੋਲ ਨਿਭਾਉਣ ਵਾਲੇ ਪੰਜਾਬ ਦੀ ਮਦਦ ਜਰੂਰ ਕਰਨਗੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਭਾਰਤ ਇੱਕ ਮੁੰਦਰੀ ਹੈ ਜਿਸ ’ਤੇ ਲੱਗਿਆ ਹੋਇਆ ਨਗ ਪੰਜਾਬ ਹੈ। ਇਹ ਨਗ ਪਿਛਲੀਆਂ ਸਰਕਾਰਾਂ ਦੀਆਂ ਕਾਰਗੁਜਾਰੀਆਂ ਦੇ ਕਾਰਨ ਫਿੱਕਾ ਪੈ ਗਿਆ ਹੈ ਜਿਸ ਨੂੰ ਉਨ੍ਹਾਂ ਵੱਲੋਂ ਚਮਕਾਇਆ ਜਾਵੇਗਾ ਅਤੇ ਪੰਜਾਬ ਨੂੰ ਮੁੜ ਤੋਂ ਨੰਬਰ ਵਨ ਸੂਬਾ ਬਣਾਇਆ ਜਾਵੇਗਾ।
ਇਹ ਵੀ ਪੜੋ: ਮਾਨ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦੈ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ !