ਨਵੀਂ ਦਿੱਲੀ: ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਹੈ। ਇਹੀ ਕਾਰਨ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਸੋਮਵਾਰ ਨੂੰ ਟਰੈਕਟਰ ਚਲਾਉਂਦੇ ਹੋਏ ਸੰਸਦ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਵੀ ਮੌਜੂਦ ਸਨ।
ਇਸ ਬਾਰੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਉਨ੍ਹਾਂ ਦੇ ਨਾਲ ਖੜੇ ਹਨ। ਜਦੋਂ ਕਿ ਇਸ ਵਿਰੋਧ ਪ੍ਰਦਰਸ਼ਨ ਦੇ ਸਮਰਥਨ 'ਚ ਕੋਈ ਹੋਰ ਧਿਰ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਪਾ, ਬਸਪਾ, ਟੀਐਮਸੀ ਤੋਂ ਪੁੱਛਣਾ ਚਾਹੀਦਾ ਹੈ। ਕੀ ਉਨ੍ਹਾਂ ਨੇ ਇਸ ਵਿਰੋਧ ਪ੍ਰਦਰਸ਼ਨ ਦੇ ਹੱਕ ਵਿੱਚ ਕੁਝ ਕਿਹਾ? ਇਹ ਚਿੰਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਵਿਰੋਧੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ ਤਾਂ ਉਹ ਕਿਸਾਨਾਂ ਦਾ ਸਮਰਥਨ ਕਿਉਂ ਨਹੀਂ ਕਰ ਰਹੀਆਂ? ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।
ਔਜਲਾ ਨੇ ਕਿਹਾ ਕਿ ਜਦੋਂ ਕੇਰਲ ਦੇ ਸੰਸਦ ਮੈਂਬਰ ਧਰਨੇ ਦੀ ਹਮਾਇਤ ਕਰਨ ਲਈ ਉਥੇ ਜਾਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਂਦਾ ਹੈ ਪਰ ਜਦੋਂ ਪੰਜਾਬ ਦੇ ਸੰਸਦ ਮੈਂਬਰ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਕਿ ਸਮਝ ਨਹੀਂ ਆਉਂਦੀ ਕਿ ਅਜਿਹਾ ਕਿਉਂ ਕੀਤਾ ਜਾ ਰਿਹਾ। ਔਜਲਾ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਇਲਜ਼ਾਮ ਲਗਾਏ ਕਿ ਵਿਰੋਧੀ ਪਾਰਟੀਆਂ ਕੇਂਦਰ ਸਰਕਾਰ ਉੱਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਦਬਾਅ ਪਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅਸਫਲ ਰਹੀਆਂ ਹਨ।
ਵਿਰੋਧੀ ਪਾਰਟੀਆਂ ਸੰਸਦ 'ਚ ਇਸ ਮੁੱਦੇ ਨੂੰ ਲਗਾਤਾਰ ਉਠਾ ਰਹੀਆਂ ਹਨ। ਜਿਥੇ ਕਿਸਾਨ ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਦਾ ਆਯੋਜਨ ਕਰ ਰਹੇ ਹਨ, ਉਥੇ ਹੀ ਕਾਂਗਰਸ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਵੀ ਕੀਤਾ। ਔਜਲਾ ਨੇ ਕਿਹਾ, ਕਾਂਗਰਸ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ। ਰਾਹੁਲ ਗਾਂਧੀ ਨੇ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਇੱਕ ਟਰੈਕਟਰ ਯਾਤਰਾ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿਰਫ ਇੱਕ ਹੀ ਸੰਦੇਸ਼ ਹੈ ਕਿ ਇਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਪਵੇਗਾ।
ਇਹ ਵੀ ਪੜ੍ਹੋ:ਸਾਉਣ ਦੀ ਝੜੀ, ਨੀ ਲੱਗੀ... ਅੱਲ੍ਹੜਾਂ ਨੇ ਤਾਂ ਹੱਦ ਕਰ 'ਤੀ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਦਾਅਵਾ ਕਰ ਰਹੀ ਹੈ ਕਿ ਖੇਤੀਬਾੜੀ ਦੇ ਤਿੰਨੋਂ ਕਾਨੂੰਨ ਕਿਸਾਨਾਂ ਨੂੰ ਲਾਭ ਪਹੁੰਚਾਉਣਗੇ ਅਤੇ ਖੇਤੀਬਾੜੀ ਸੈਕਟਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣਗੇ। ਇਸ ਦੇ ਨਾਲ ਹੀ ਕੇਂਦਰ ਸਰਕਾਰ ਕਿਸਾਨਾਂ ਦੀ ਇਸ ਮੰਗ ਨੂੰ ਛੱਡ ਕੇ ਗੱਲਬਾਤ ਲਈ ਤਿਆਰ ਹੈ, ਪਰ ਇਹ ਕਹਿੰਦੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਵੇਗਾ।
ਇਸ ਮਾਮਲੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਨੇ ਕਿਹਾ ਕਿ ਇਹ ਕਾਨੂੰਨ 3-4 ਪੂੰਜੀਪਤੀਆਂ ਦੇ ਫਾਇਦੇ ਲਈ ਹਨ। ਸਰਕਾਰ ਸਿਰਫ਼ ਉਨ੍ਹਾਂ ਲਈ ਬੋਲੇਗੀ। ਇਸ ਲਈ ਉਨ੍ਹਾਂ ਦੇ ਬਿਆਨ ਨਾਲ ਕੋਈ ਫਰਕ ਨਹੀਂ ਪੈਂਦਾ। ਜਦੋਂ ਤੱਕ ਕੇਂਦਰ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਨਹੀਂ ਰੱਦ ਕਰਦਾ ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ।