ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚੇ ਨੇ ਭਾਰਤੀ ਕਿਸਾਨ ਯੂਨਿਅਨ ਦੇ ਮੁੱਖੀ ਗੁਰਨਾਮ ਸਿੰਘ ਚਢੂਨੀ ਮਾਮਲੇ ਵਿੱਚ ਸਪਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਸਯੁੰਕਤ ਕਿਸਾਨ ਮੋਰਚੇ ਦਾ ਚਢੂਨੀ ਵੱਲੋਂ ਸਦੀ "ਸਮੁੱਚੀ ਸਿਆਸੀ ਪਾਰਟੀਆਂ ਦੀ ਮੀਟਿੰਗ" ਨਾਲ ਕੋਈ ਸਬੰਧ ਨਹੀਂ ਹੈ। ਸਯੁੰਕਤ ਕਿਸਾਨ ਮੋਰਚਾ ਨੇ ਸਿਆਸੀ ਪਾਰਟੀਆਂ ਨਾਲ ਚਢੂਨੀ ਦੀਆਂ ਚੱਲ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਂਦਿਆਂ, ਲੰਘੇ ਦਿਨ ਮੋਰਚੇ ਦੀ ਮੀਟਿੰਗ ਵਿੱਚ ਵਿਚਾਰ ਤੋਂ ਬਾਅਦ ਇੱਕ ਕਮੇਟੀ ਬਣਾਈ ਹੈ ਜੋ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ 3 ਦਿਨਾਂ ਵਿੱਚ ਦੇਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਮੁਖੀ ਗੁਰਨਾਮ ਸਿੰਘ ਚਢੂਨੀ ਨੂੰ ਮੁਅੱਤਲ ਕਰ ਦਿੱਤਾ ਹੈ। ਚਢੂਨੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੁੱਖ 7 ਮੈਂਬਰੀ ਕਮੇਟੀ ਤੋਂ ਮੁਅੱਤਲ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ 19 ਜਨਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਵੀ ਬਾਹਰ ਰੱਖਿਆ ਜਾਵੇਗਾ।
ਚਢੂਨੀ 'ਤੇ ਰਾਜਨੀਤਕ ਪਾਰਟੀਆਂ ਨਾਲ ਮੁਲਾਕਾਤ ਕਰਨ ਅਤੇ ਅੰਦੋਲਨ ਨਾਲ ਸਬੰਧਤ ਪ੍ਰੋਗਰਾਮ ਆਯੋਜਿਤ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਗੁਰਨਾਮ ਚਢੂਨੀ 'ਤੇ ਕਾਂਗਰਸ-ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਮਿਲਣ ਦਾ ਵੀ ਦੋਸ਼ ਲਗਾਇਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਮੁਖੀ ਗੁਰਨਾਮ ਸਿੰਘ ਚਢੂਨੀ ਖਿਲਾਫ਼ ਲਾਏ ਦੋਸ਼ਾਂ ਦੀ ਜਾਂਚ ਲਈ ਚਾਰ ਮੈਂਬਰੀ ਕਮੇਟੀ ਬਣਾਈ ਗਈ ਹੈ। ਚਢੂਨੀ ਨੂੰ ਕਮੇਟੀ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨਾ ਪਏਗਾ। ਜਾਂਚ ਪੂਰੀ ਹੋਣ ਤੱਕ, ਚਢੂਨੀ ਸੰਯੁਕਤ ਕਿਸਾਨ ਮੋਰਚੇ ਦੀਆਂ ਅੰਦਰੂਨੀ ਮੀਟਿੰਗਾਂ ਅਤੇ ਕੇਂਦਰ ਸਰਕਾਰ ਨਾਲ ਬੈਠਕ ਤੋਂ ਬਾਹਰ ਵੀ ਰਹਿਣਗੇ।
ਸੰਯੁਕਤ ਕਿਸਾਨ ਮੋਰਚੇ ਦਾ ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਖੇਤੀਬਾੜੀ ਕਾਨੂੰਨਾਂ ਨਾਲ ਜੁੜੇ ਮੁੱਦੇ ਉੱਤੇ ਇੱਕ ਮਹੱਤਵਪੂਰਨ ਸੁਣਵਾਈ ਹੋਣ ਜਾ ਰਹੀ ਹੈ। ਇਸ ਦੇ ਨਾਲ ਹੀ 19 ਜਨਵਰੀ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦਰਮਿਆਨ ਇੱਕ ਬੈਠਕ ਹੋਣ ਵਾਲੀ ਹੈ। ਕਿਸਾਨ ਆਗੂਆਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਦਾ ਐਲਾਨ ਵੀ ਕੀਤਾ ਹੈ।