ਨਵੀਂ ਦਿੱਲੀ— ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ਼ਨੀਵਾਰ ਨੂੰ ਹਥਿਆਰਬੰਦ ਬਲਾਂ 'ਚ ਭਰਤੀ ਲਈ ਕੇਂਦਰ ਦੀ 'ਅਗਨੀਪਥ' ਯੋਜਨਾ ਨੂੰ ਦਿਸ਼ਾਹੀਣ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਨੂੰ ਵਾਪਸ ਲੈਣ ਲਈ ਲੜਨ ਦਾ ਵਾਅਦਾ ਕਰਦੀ ਹੈ। ਉਨ੍ਹਾਂ ਇਸ ਸਕੀਮ ਦਾ ਵਿਰੋਧ ਕਰਨ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਲਈ ਸ਼ਾਂਤਮਈ ਅਤੇ ਅਹਿੰਸਕ ਢੰਗ ਨਾਲ ਅੰਦੋਲਨ ਕਰਨ।
ਦੇਸ਼ ਦੇ ਨੌਜਵਾਨਾਂ ਦੇ ਨਾਮ ਸੰਦੇਸ਼ ਵਿੱਚ ਗਾਂਧੀ ਨੇ ਕਿਹਾ, "ਮੈਨੂੰ ਦੁੱਖ ਹੈ ਕਿ ਸਰਕਾਰ ਨੇ ਤੁਹਾਡੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਦੇ ਹੋਏ ਹਥਿਆਰਬੰਦ ਬਲਾਂ ਵਿੱਚ ਭਰਤੀ ਲਈ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ, ਜੋ ਕਿ ਪੂਰੀ ਤਰ੍ਹਾਂ ਦਿਸ਼ਾਹੀਣ ਹੈ।"
ਉਨ੍ਹਾਂ ਲਈ ਆਪਣੀ ਪਾਰਟੀ ਦੀ ਹਮਾਇਤ ਦਾ ਐਲਾਨ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਨੌਜਵਾਨਾਂ ਦੇ ਨਾਲ-ਨਾਲ ਕਈ ਸਾਬਕਾ ਫੌਜੀਆਂ ਅਤੇ ਰੱਖਿਆ ਮਾਹਿਰਾਂ ਨੇ ਵੀ ਇਸ ਯੋਜਨਾ 'ਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ ਅਤੇ ਸਾਹ ਦੀ ਨਾਲੀ ਦੀ ਲਾਗ ਅਤੇ ਕੋਵਿਡ -19 ਤੋਂ ਬਾਅਦ ਦੀਆਂ ਪੇਚੀਦਗੀਆਂ ਦਾ ਇਲਾਜ ਕਰਵਾ ਰਹੀ ਹੈ ਅਤੇ ਡਾਕਟਰਾਂ ਦੀ ਨਜ਼ਦੀਕੀ ਨਿਗਰਾਨੀ ਹੇਠ ਹੈ।
ਸੋਨੀਆ ਗਾਂਧੀ ਨੇ ਕਿਹਾ ਕਿ ਉਹ ਫੌਜ ਵਿੱਚ ਲੱਖਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਭਰਤੀ ਵਿੱਚ ਤਿੰਨ ਸਾਲ ਦੀ ਦੇਰੀ ਨੂੰ ਲੈ ਕੇ ਨੌਜਵਾਨਾਂ ਦੇ ਦਰਦ ਨੂੰ ਸਮਝ ਸਕਦੀਆਂ ਹਨ। ਉਨ੍ਹਾਂ ਕਿਹਾ, 'ਮੈਨੂੰ ਉਨ੍ਹਾਂ ਨੌਜਵਾਨਾਂ ਨਾਲ ਵੀ ਪੂਰੀ ਹਮਦਰਦੀ ਹੈ ਜੋ ਹਵਾਈ ਸੈਨਾ 'ਚ ਭਰਤੀ ਪ੍ਰੀਖਿਆ ਦੇ ਕੇ ਨਤੀਜੇ ਅਤੇ ਨਿਯੁਕਤੀ ਦੀ ਉਡੀਕ ਕਰ ਰਹੇ ਹਨ |'
ਕਾਂਗਰਸ ਪ੍ਰਧਾਨ ਨੇ ਕਿਹਾ, 'ਕਾਂਗਰਸ ਤੁਹਾਡੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਇਸ ਸਕੀਮ ਨੂੰ ਵਾਪਸ ਲੈਣ ਅਤੇ ਤੁਹਾਡੇ ਹਿੱਤਾਂ ਦੀ ਰਾਖੀ ਲਈ ਲੜਨ ਦਾ ਵਾਅਦਾ ਕਰਦੀ ਹੈ।' ਸੋਨੀਆ ਗਾਂਧੀ ਨੇ ਕਿਹਾ, ''ਇਕ ਸੱਚੇ ਦੇਸ਼ ਭਗਤ ਦੀ ਤਰ੍ਹਾਂ ਅਸੀਂ ਸੱਚ, ਅਹਿੰਸਾ, ਸੰਜਮ ਅਤੇ ਸ਼ਾਂਤੀ ਦੇ ਮਾਰਗ 'ਤੇ ਚੱਲ ਕੇ ਸਰਕਾਰ ਦੇ ਸਾਹਮਣੇ ਆਪਣੀ ਆਵਾਜ਼ ਬੁਲੰਦ ਕਰਾਂਗੇ।'' ਉਨ੍ਹਾਂ ਕਿਹਾ, ''ਮੈਂ ਤੁਹਾਨੂੰ ਵੀ ਬੇਨਤੀ ਕਰਦੀ ਹਾਂ ਕਿ ਤੁਸੀਂ ਆਪਣੇ ਹੱਕਾਂ ਲਈ ਸ਼ਾਂਤੀ ਅਤੇ ਅਹਿੰਸਾ ਨਾਲ ਅੰਦੋਲਨ ਕਰੋ।"
ਭਾਰਤੀ ਰਾਸ਼ਟਰੀ ਕਾਂਗਰਸ ਤੁਹਾਡੇ ਨਾਲ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹਥਿਆਰਬੰਦ ਬਲਾਂ ਵਿੱਚ ਭਰਤੀ ਨਾਲ ਸਬੰਧਤ ਅਗਨੀਪੱਥ ਯੋਜਨਾ ਦਾ ਦੇਸ਼ ਭਰ ਵਿੱਚ ਨੌਜਵਾਨ ਵਿਰੋਧ ਕਰ ਰਹੇ ਹਨ। ਕਈ ਥਾਵਾਂ 'ਤੇ ਹਿੰਸਕ ਪ੍ਰਦਰਸ਼ਨ ਹੋਏ ਹਨ ਅਤੇ ਗੁੱਸੇ 'ਚ ਆਏ ਨੌਜਵਾਨਾਂ ਨੇ ਕਈ ਥਾਵਾਂ 'ਤੇ ਰੇਲ ਗੱਡੀਆਂ ਨੂੰ ਅੱਗ ਲਗਾ ਦਿੱਤੀ ਹੈ ਅਤੇ ਹੋਰ ਜਨਤਕ ਜਾਇਦਾਦ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਇਹ ਵੀ ਪੜੋ:- Presidential Election 2022: ਫ਼ਾਰੂਕ ਅਬਦੁੱਲਾ ਨਹੀਂ ਹੋਣਗੇ ਵਿਰੋਧੀ ਧਿਰ ਦੇ ਉਮੀਦਵਾਰ, ਜੰਮੂ-ਕਸ਼ਮੀਰ ਨੂੰ ਦਿੱਤੀ ਤਰਜੀਹ