ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਲੈਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ 6 ਹਫ਼ਤਿਆਂ ਦਾ ਹੋਰ ਸਮਾਂ ਦਿੱਤਾ ਹੈ। ਅੱਜ ਹੋਈ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਰਹਿਮ ਦੀ ਪਟੀਸ਼ਨ 'ਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਅਕਾਲੀ ਦਲ (ਬ) ਚਾਹੁੰਦਾ ਹੈ ਰਾਜੋਆਣਾ ਦੀ ਹੋਵੇ ਰਿਹਾਈ
ਇਕ ਪਾਸੇ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਰਾਜੋਆਣਾ ਦੀ ਰਿਹਾਈ ਹੋਣੀ ਚਾਹੀਦੀ ਹੈ ਉਥੇ ਹੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਬਿੱਟੂ ਨੇ ਬੀਤੇ ਦਿਨ ਕਿਹਾ ਸੀ ਕਿ ਜੇਕਰ ਸਰਕਾਰ ਖੇਤੀ ਨੂੰ ਰੱਦ ਕਰ ਦਿੰਦੀ ਹੈ ਤਾਂ ਉਨ੍ਹਾਂ ਨੂੰ ਰਾਜੋਆਣਾ ਨੂੰ ਰਿਹਾ ਕਰਨ 'ਤੇ ਕੋਈ ਵੀ ਨਰਾਜ਼ਗੀ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਹੁਣ ਜਿਸ ਤਰੀਕੇ ਨਾਲ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮਾਮਲੇ ਵਿੱਚ 26 ਜਨਵਰੀ ਤੱਕ ਫ਼ੈਸਲਾ ਲੈਣ ਵਾਸਤੇ ਆਖਿਆ ਗਿਆ ਸੀ ਜਿਸ ਤੋਂ ਬਾਅਦ ਬੇਅੰਤ ਸਿੰਘ ਦੇ ਪੋਤਰੇ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੀ ਐਲਾਨ ਕਰ ਚੁੱਕੇ ਹਨ ਕਿ ਜੇ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦੀ ਹੈ, ਤਾਂ ਉਨ੍ਹਾਂ ਨੂੰ ਰਾਜੋਆਣਾ ਦੇ ਮਾਮਲੇ ਵਿੱਚ ਕੋਈ ਇਤਰਾਜ਼ ਨਹੀਂ ਹੋਵੇਗਾ।
ਦੱਸ ਦਈਏ ਕਿ ਚੰਡੀਗੜ੍ਹ ਸਕੱਤਰੇਤ ਵਿੱਚ 31 ਅਗਸਤ 1995 ਵਿੱਚ ਮਨੁੱਖੀ ਬੰਬ ਨਾਲ ਧਮਾਕਾ ਕਰਕੇ ਬੇਅੰਤ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੂੰ ਮੁੱਖ ਦੋਸ਼ੀ ਪਾਇਆ ਗਿਆ ਸੀ ਅਤੇ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।