ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ ਦੀ ਇਸ ਸ਼ਿਕਾਇਤ 'ਤੇ ਕਿ ਕੋਵਿਡ -19 ਟੀਕਾਕਰਨ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਫੋਟੋਆਂ ਚੋਣ ਜ਼ਾਬਤੇ ਦੀ ਉਲੰਘਣਾ ਹਨ, ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੂੰ ਪੱਤਰ ‘ਚ ਚੋਣ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮੰਤਰਾਲੇ ਨੂੰ ਭੇਜੇ ਇੱਕ ਪੱਤਰ ‘ਚ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਦੇ ਕੁਝ ਪ੍ਰਬੰਧਾਂ ਦਾ ਹਵਾਲਾ ਦਿੱਤਾ ਹੈ ਜੋ ਸਰਕਾਰੀ ਖਰਚਿਆਂ ‘ਤੇ ਇਸ਼ਤਿਹਾਰਬਾਜ਼ੀ ‘ਤੇ ਪਾਬੰਦੀ ਲਗਾਉਂਦੇ ਹਨ।
ਚੋਣ ਕਮਿਸ਼ਨ ਅਤੇ ਮੰਤਰਾਲੇ ਦਰਮਿਆਨ ਹੋਏ ਸੰਚਾਰ ਨੂੰ ਲੈ ਕੇ ਜਾਣਕਾਰ ਸੂਤਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਕਿਸੇ ਵਿਅਕਤੀ ਜਾਂ ਸ਼ਖਸੀਅਤ ਦਾ ਹਵਾਲਾ ਨਹੀਂ ਦਿੱਤਾ ਹੈ, ਪਰ ਸਿਹਤ ਮੰਤਰਾਲੇ ਨੂੰ ਪੱਤਰ ਅਤੇ ਭਾਵਨਾ ਅਨੁਸਾਰ ਚੋਣ ਜ਼ਾਬਤਾ ਦੀਆਂ ਧਾਰਾਵਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
ਸੂਤਰਾਂ ਨੇ ਕਿਹਾ ਕਿ ਸਿਹਤ ਮੰਤਰਾਲੇ ਨੂੰ ਸ਼ਾਇਦ ਫਿਲਟਰਾਂ ਦੀ ਵਰਤੋਂ ਕਰਨੀ ਪਵੇਗੀ ਤਾਂ ਜੋ ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ (ਜਿਥੇ ਚੋਣਾਂ ਹੋਣੀਆਂ ਹਨ) ‘ਚ ਕੋਵਿਡ-19 ਟੀਕਾਕਰਣ ਦੇ ਪ੍ਰਮਾਣ ਪੱਤਰ 'ਤੇ ਪ੍ਰਧਾਨ ਮੰਤਰੀ ਦੀ ਫੋਟੋ ਨਹੀਂ ਛਾਪੀ ਜਾਏ। ਇਸ ਫਿਲਟਰ ਨੂੰ ਸਿਸਟਮ ‘ਚ ਅਪਲੋਡ ਕਰਨ ‘ਚ ਸਮਾਂ ਲੱਗ ਜਾਵੇਗਾ।
ਤ੍ਰਿਣਮੂਲ ਕਾਂਗਰਸ ਨੇ ਕੀਤੀ ਸੀ ਸ਼ਿਕਾਇਤ
ਪੱਛਮੀ ਬੰਗਾਲ ‘ਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਨੇ ਮੰਗਲਵਾਰ ਨੂੰ ਚੋਣ ਕਮਿਸ਼ਨ ਨੂੰ ਸੌਂਪੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਪੱਛਮੀ ਬੰਗਾਲ ਅਤੇ ਹੋਰ ਚੋਣਵੇਂ ਸੂਬਿਆਂ ‘ਚ ਕੋ-ਵਿਨ ਪਲੇਟਫਾਰਮ ਰਾਹੀਂ ਪ੍ਰਾਪਤ ਕੋਵਿਡ-19 ਟੀਕਾਕਰਨ ਸਰਟੀਫਿਕੇਟ ’ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਹੋਣੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।
ਪਾਰਟੀ ਨੇ ਤਸਵੀਰ ਨੂੰ ਪ੍ਰਧਾਨ ਮੰਤਰੀ ਵੱਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ।
ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ‘ਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ 26 ਫਰਵਰੀ ਤੋਂ ਲਾਗੂ ਹੈ।