ਨਵੀਂ ਦਿੱਲੀ: ਖੇਤੀ ਕਾਨੂੰਨਾਂ ਦਾ ਖਿਲਾਫ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ 52ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲਗਾਤਾਰ ਧਰਨੇ 'ਤੇ ਬੈਠੇ ਹੋਏ ਹਨ। ਕਿਸਾਨਾਂ ਦਾ ਸਾਫ਼ ਕਹਿਣਾ ਹੈ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਹੀ ਘਰ ਵਾਪਸੀ ਕਰਨਗੇ।
9ਵੇਂ ਗੇੜ ਦੀ ਬੈਠਕ ਵੀ ਰਹੀ ਬੇਸਿੱਟਾ
ਖੇਤੀ ਕਾਨੂੰਨਾਂ ਦੇ ਹਲ ਲਈ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਈ 9ਵੇਂ ਗੇੜ ਦੀ ਬੈਠਕ ਵੀ ਬੇਸਿੱਟਾ ਰਹੀ ਹੈ। ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀ ਪਰੇਸ਼ਾਨੀ ਦੂਰ ਕਰਨ ਵਿੱਚ ਫੇਲ੍ਹ ਸਾਬਿਤ ਹੋਈ ਹੈ। ਹੁਣ ਤੱਕ 9 ਬੈਠਕਾਂ ਹੋ ਚੁੱਕੀਆਂ ਹਨ ਪਰ ਹਰ ਬੈਠਕ ਬੇਸਿੱਟਾ ਰਹੀ ਹੈ। ਸਰਕਾਰ ਆਪਣੇ ਅੜੀਅਲ ਰਵੱਈਏ 'ਤੇ ਅੜੀ ਰਹੀ ਤੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ 'ਤੇ ਅੜੇ ਰਹੇ।
ਕਾਨੂੰਨ ਰੱਦ ਕਰਨ ਤੋਂ ਸਰਕਾਰ ਦੀ ਕੋਰੀ ਨਾਂਹ
9ਵੇਂ ਗੇੜ ਦੀ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਨੇ ਸਰਕਾਰ ਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ, ਪਰ ਸਰਕਾਰ ਨੇ ਕੋਰੀ ਨਾਂਹ ਕਰ ਦਿੱਤੀ।
19 ਜਨਵਰੀ ਨੂੰ ਮੁੜ ਹੋਵੇਗੀ ਮੀਟਿੰਗ
9 ਮੀਟਿੰਗਾਂ ਬੇਸਿੱਟਾ ਰਹਿਣ ਤੋਂ ਬਾਅਦ ਹੁਣ 10ਵੇਂ ਗੇੜ ਦੀ ਮੀਟਿੰਗ 19 ਜਨਵਰੀ ਨੂੰ ਹੋਵੇਗੀ।