ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੌਰੇ 'ਤੇ ਹਨ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਕੁਝ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਹਨ। ਇਸ ਦੌਰਾਨ ਜਿਥੇ ਉਨ੍ਹਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ,ਉਥੇ ਹੀ ਕੇਂਦਰੀ ਗ੍ਰਹਿ ਮੰਤਈ ਅਮਿਤ ਸ਼ਾਹ ਨਾਲ ਵੀ ਸੂਬੇ ਦੀ ਸੁਰੱਖਿਆ ਵਿਵਸਥਾ ਨੂੰ ਲੈਕੇ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਵਿਰੋਧੀ ਤਾਕਤਾਂ ਵਲੋਂ ਸੂਬੇ 'ਚ ਘੁਸਪੈਠ ਦੀਆਂ ਕੋਸ਼ਿਸ਼ਾਂ ਸਬੰਧੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਕਿ ਸੂਬੇ ਦੀ ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤੁਰੰਤ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਜਾਣ। ਇਸ ਦੇ ਨਾਲ ਹੀ ਪਾਕਿ ਸਮਰਥਿਤ ਅੱਤਵਾਦੀ ਤਾਕਤਾਂ ਤੋਂ ਸੁਰੱਖਿਆ ਲਈ ਸੀਮਾ ਸੁਰੱਖਿਆ ਬਲ( ਬੀਐਸਐਫ) ਲਈ ਡਰੋਨ ਵਿਰੋਧੀ ਯੰਤਰ ਮੁਹੱਈਆ ਕਰਵਾਉਣ।
ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਸੂਬੇ 'ਚ ਭਾਰੀ ਮਾਤਰਾ 'ਚ ਹਥਿਆਰ,ਹੈਂਡ ਗ੍ਰਨੇਡ ਅਤੇ ਡਰੋਨ, ਆਰਡੀਐਕਸ ਵਿਸਫੋਟਕ, ਡੈਟੋਨੇਟਰ, ਟਾਈਮਰ ਉਪਕਰਣ, ਅਤਿ ਆਧੁਨਿਕ ਪ੍ਰਯੋਗਸ਼ਾਲਾ ਦੁਆਰਾ ਬਣਾਏ ਗਏ ਟਿਫਿਨ ਬੰਬਾਂ ਨੂੰ ਆਦਿ ਮਿਲ ਰਹੇ ਹਨ। ਜਿਸ ਨਾਲ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਜ਼ਾਦੀ ਦਿਹਾੜਾ ਅਤੇ ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸੂਬੇ 'ਚ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਗੰਭੀਰ ਸਥਿਤੀ ਨੂੰ ਦੇਖਦਿਆਂ ਮਾਮਲੇ 'ਚ ਦਖ਼ਲ ਦੇਣਾ ਚਾਹੀਦਾ ਹੈ।
ਕੈਪਟਨ ਅਮਰਿੰਦਰ ਨੇ ਕੇਂਦਰੀ ਗ੍ਰਹਿ ਮੰਤਰੀ ਤੋਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਠਿੰਡਾ, ਫਗਵਾੜਾ ਅਤੇ ਮੋਗਾ ਲਈ ਸੀਏਪੀਐਫ ਦੀ ਤਾਇਨਾਤੀ ਦੇ ਨਾਲ ਨਾਲ ਸਰਹੱਦਾਂ 'ਤੇ ਤਾਇਨਾਤ ਬੀਐਸਐਫ ਲਈ ਡਰੋਨ ਵਿਰੋਧੀ ਤਕਨੀਕ ਦੀ ਮੰਗ ਕੀਤੀ।
ਗ੍ਰਿਫਤਾਰ ਅੱਤਵਾਦੀਆਂ ਵੱਲੋਂ ਕੀਤੇ ਖੁਲਾਸਿਆਂ ਦੀ ਪੁਸ਼ਟੀ ਕਰਦੇ ਹੋਏ ਕੇਂਦਰੀ ਅਤੇ ਰਾਜ ਏਜੰਸੀਆਂ ਤੋਂ ਇਨਪੁਟਸ ਦਾ ਹਵਾਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰੇਲ ਗੱਡੀਆਂ, ਬੱਸਾਂ ਅਤੇ ਹਿੰਦੂ ਮੰਦਰ, ਪ੍ਰਮੁੱਖ ਕਿਸਾਨ ਆਗੂ ਨੂੰ ਨਿਸ਼ਾਨਾ ਬਣਾਉਣ ਦੀ ਸੂਚਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ 5 ਅਜਿਹੇ ਕਿਸਾਨ ਆਗੂਆਂ ਸਬੰਧੀ ਜਾਣਕਾਰੀ ਹਾਸਲ ਹੋਈ ਹੈ, ਜਿਨ੍ਹਾਂ ਪੰਜਾਬ ਅਤੇ ਹਰਿਆਣਾ ਪੁਲਿਸ ਤੋਂ ਸੁਰੱਖਿਆ ਲੈਣ ਤੋਂ ਵੀ ਮਨਾਂ ਕਰ ਦਿੱਤਾ।
ਉਨ੍ਹਾਂ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਪਿਛਲੀਆਂ ਵਿਧਾਨਸਭਾ ਚੋਣਾਂ ਮੌਕੇ ਵੀ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ। ਜਿਸ ਦੇ ਚੱਲਦਿਆਂ ਵੋਟਾਂ ਤੋਂ ਚਾਰ ਦਿਨ ਪਹਿਲਾਂ ਮੋੜ ਮੰਡੀ 'ਚ ਬੰਬ ਧਮਾਕਾ ਵੀ ਕਰਵਾਇਆ ਗਿਆ ਸੀ।
ਉਨ੍ਹਾਂ ਨਾਲ ਹੀ ਕਿਹਾ ਕਿ ਵਿਦੇਸ਼ਾਂ 'ਚ ਵੱਸਦੇ ਖਾਲਿਸਤਾਨੀ ਸੋਚ ਵਾਲਿਆਂ ਵਲੋਂ ਵੀ ਪਾਕਿਸਤਾਨੀ ਏਜੰਸੀ ਆਈਐਸਆਈ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਕਈ ਤਰ੍ਹਾਂ ਦੇ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ 'ਤੇ ਕੇਂਦਰ ਨੂੰ ਧਿਆਨ ਦੇਣ ਦੀ ਲੋੜ ਹੈ।