ਸ਼੍ਰੀਨਗਰ: ਲਾਵਾਪੋਰਾ ਖੇਤਰ ਵਿੱਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੇ ਮੁਕਾਬਲੇ ਦੌਰਾਨ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਗਏ ਹਨ। ਸ਼੍ਰੀਨਗਰ ਦੇ ਬਾਹਰੀ ਇਲਾਕੇ 'ਚ ਮੰਗਲਵਾਰ ਦੀ ਰਾਤ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਿਵਾਦੀਆਂ ਨੇ ਮੰਗਲਵਾਰ ਸ਼ਾਮ ਨੂੰ ਲਾਵਾਪੋਰਾ ਖੇਤਰ ਵਿੱਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਘੇਰਾਬੰਦੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਤੇ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਰਾਤ ਭਰ ਗੋਲੀਬਾਰੀ ਜਾਰੀ ਰਹੀ। ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਤਿੰਨ ਅੱਤਵਾਦੀ ਮਾਰੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਚੱਲ ਰਿਹਾ ਹੈ।
ਦੱਸ ਦਈਏ ਕਿ ਮੰਗਲਵਾਰ ਨੂੰ ਸ਼ੁਰੂ ਕੀਤੀ ਗਈ ਇਹ ਕਾਰਵਾਈ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਵੱਲੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੇੜੇ ਪੱਥਰਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਸੁੱਟੇ।
ਇਸ ਤੋਂ ਪਹਿਲਾਂ 25 ਦਸੰਬਰ ਨੂੰ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਕੈਗਾਮ ਖੇਤਰ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਦੋ ਤੋਂ ਤਿੰਨ ਦੀ ਗਿਣਤੀ ਵਿੱਚ ਆਏ ਅੱਤਵਾਦੀਆਂ ਨੇ ਤੇਜ਼ੀ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਮੋਰਚਾ ਸੰਭਾਲਿਆ। ਇਸ ਵਿੱਚ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਤੇ ਨਾਲ ਫ਼ੌਜ ਨੇ ਵਾਦੀ ਵਿੱਚ ਅਲਰਟ ਜਾਰੀ ਕੀਤਾ।