ਨਵੀਂ ਦਿੱਲੀ/ਕੋਲਕਾਤਾ: ਕਲਕੱਤਾ ਹਾਈ ਕੋਰਟ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਸਰਕਾਰ ਨੂੰ ਹਨੂੰਮਾਨ ਜਯੰਤੀ ਦੇ ਜਸ਼ਨਾਂ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਰਾਜ ਪੁਲਿਸ ਦੀ ਸਹਾਇਤਾ ਲਈ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਅਪੀਲ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਇਹ ਹੁਕਮ ਆਮ ਲੋਕਾਂ ਨੂੰ ਭਰੋਸਾ ਦਿਵਾਉਣ ਲਈ ਦਿੱਤੇ ਜਾ ਰਹੇ ਹਨ ਕਿ ਉਹ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਿਛਲੇ ਹਫ਼ਤੇ, ਰਾਮ ਨੌਮੀ ਦੇ ਜਲੂਸ ਦੌਰਾਨ ਅਤੇ ਬਾਅਦ ਵਿੱਚ, ਹਾਵੜਾ ਅਤੇ ਹੁਗਲੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ 2 ਸਮੂਹਾਂ ਵਿਚਕਾਰ ਝੜਪਾਂ ਹੋਈਆਂ ਸਨ।
ਕਾਰਜਕਾਰੀ ਚੀਫ਼ ਜਸਟਿਸ ਟੀ.ਐਸ. ਸ਼ਿਵਾਗਨਮ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਇਲਾਜ ਨਾਲੋਂ ਰੋਕਥਾਮ ਬਿਹਤਰ ਹੈ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਵੀਰਵਾਰ ਨੂੰ ਹਨੂੰਮਾਨ ਜੈਅੰਤੀ ਰੈਲੀਆਂ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕੇਂਦਰੀ ਬਲਾਂ ਦੀ ਤਾਇਨਾਤੀ ਦੀ ਅਪੀਲ ਕਰਨ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਕੇਂਦਰ ਨੂੰ ਰਾਜ ਤੋਂ ਬੇਨਤੀ ਮਿਲਣ 'ਤੇ ਅਜਿਹੀ ਤਾਇਨਾਤੀ ਲਈ ਤੇਜ਼ੀ ਨਾਲ ਪ੍ਰਬੰਧ ਕਰਨ ਦਾ ਵੀ ਨਿਰਦੇਸ਼ ਦਿੱਤਾ।
ਐਡਵੋਕੇਟ ਜਨਰਲ ਐੱਸ. ਐਨ. ਮੁਖਰਜੀ ਨੇ ਅਦਾਲਤ ਨੂੰ ਦੱਸਿਆ ਕਿ ਪੁਲਿਸ ਨੂੰ ਸੂਬੇ ਵਿੱਚ ਹਨੂੰਮਾਨ ਜੈਅੰਤੀ ਰੈਲੀਆਂ ਕਰਨ ਲਈ ਲਗਭਗ 2,000 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਅਦਾਲਤ ਨੇ ਇਹ ਹੁਕਮ ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਾਇਆ। ਦੱਸ ਦੇਈਏ ਕਿ ਇਸ ਸਾਲ ਹਨੂੰਮਾਨ ਜਯੰਤੀ 6 ਅਪ੍ਰੈਲ ਨੂੰ ਹੈ।
ਇੱਥੇ, ਹਨੂੰਮਾਨ ਜੈਅੰਤੀ ਤੋਂ ਪਹਿਲਾਂ, ਕੇਂਦਰ ਨੇ ਬੁੱਧਵਾਰ ਨੂੰ ਸਾਰੇ ਰਾਜਾਂ ਨੂੰ ਕਾਨੂੰਨ ਅਤੇ ਵਿਵਸਥਾ ਨੂੰ ਯਕੀਨੀ ਬਣਾਉਣ, ਤਿਉਹਾਰ ਨੂੰ ਸ਼ਾਂਤੀਪੂਰਵਕ ਮਨਾਉਣ ਅਤੇ ਸਮਾਜ ਵਿੱਚ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਵਾਲੇ ਸਮਾਜ ਵਿਰੋਧੀ ਤੱਤਾਂ 'ਤੇ ਨਜ਼ਰ ਰੱਖਣ ਲਈ ਕਿਹਾ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਿਛਲੇ ਹਫ਼ਤੇ ਰਾਮ ਨੌਮੀ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਈ ਫਿਰਕੂ ਹਿੰਸਾ ਦੇ ਮੱਦੇਨਜ਼ਰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇਹ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ:- SC On channel MediaOne: ਸੁਪਰੀਮ ਕੋਰਟ ਨੇ ਮੀਡੀਆ ਵਨ ਦੇ ਪ੍ਰਸਾਰਣ 'ਤੇ ਕੇਂਦਰ ਦੀ ਪਾਬੰਦੀ ਨੂੰ ਕੀਤਾ ਰੱਦ