ਚੰਡੀਗੜ੍ਹ: ਅਫਗਾਨਿਸਤਾਨ (Afghanistan) ਵਿੱਚ ਤਾਲਿਬਾਨ (Taliban) ਦਾ ਆਤੰਕ ਲਗਾਤਾਰ ਵਧਦਾ ਜਾ ਰਿਹਾ ਹੈ। ਤਾਲਿਬਾਨ (Taliban) ਦੇ ਵੱਲੋਂ ਦੂਜੇ ਧਰਮਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ । ਖਬਰ ਸਾਹਮਣੇ ਆ ਰਹੀ ਹੈ ਕਿ ਤਾਲਿਬਾਨ ਨੇ ਅਫਗਾਨਿਸਤਾਨ ਦੇ ਪਕਟੀਆ ਸੂਬੇ ਵਿੱਚ ਸਥਿਤ ਚਮਕਾਨੀ ਖੇਤਰ ਵਿਖੇ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ ਤੋਂ ਸਿੱਖਾਂ ਦਾ ਪਵਿੱਤਰ ਨਿਸ਼ਾਨ ਸਾਹਿਬ ਉਤਾਰ ਦਿੱਤਾ ਗਿਆ ਹੈ। ਇਹ ਇਤਿਹਾਸਿਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ।
ਖਬਰ ਏਜੰਸੀ ਏਐਨਆਈ ਨਾਲ ਜੁੜੇ ਨਵੀਨ ਕੁਮਾਰ ਵੱਲੋਂ ਇੱਕ ਟਵੀਟ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਪਿਛਲੇ ਸਾਲ ਇਸ ਗੁਰਦੁਆਰਾ ਸਾਹਿਬ ਤੋਂ ਨਿਦਾਨ ਸਿੰਘ ਸਚਦੇਵਾ ਨਾਂ ਦੇ ਸ਼ਖ਼ਸ ਨੂੰ ਅਗਵਾ ਕਰ ਲਿਆ ਗਿਆ ਸੀ। ਹੁਣ ਇੱਕ ਵਾਰ ਫਿਰ ਇਹ ਗੁਰਦੁਆਰਾ ਨਿਸ਼ਾਨ ਸਾਹਿਬ ਹਟਾਏ ਜਾਣ ਕਾਰਨ ਚਰਚਾ ਵਿੱਚ ਹੈ।
ਇਸ ਘਟਨਾ ਨੂੰ ਲੈਕੇ ਸਿੱਖ ਭਾਈਚਾਰੇ ਦੇ ਲੋਕਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤੇ ਇਸ ਘਟਨਾ ਦੀ ਨਿੰਦਿਆ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਸਮੇਤ ਵੱਖ ਵੱਖ ਧਾਰਮਿਕ ਆਗੂਆਂ ਦੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਤੋਂ ਇਸ ਮਸਲੇ ਦੇ ਵਿੱਚ ਦਖਲ ਦੇ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਫਗਾਨਿਸਤਾਨ 'ਚ ਸਿੱਖਾਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ: ਸਿਰਸਾ