ਨਵੀਂ ਦਿੱਲੀ: ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਦੇ 29 ਦਿਨ ਪੂਰੇ ਹੋ ਗਏ। ਇਸ ਮੌਕੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਨਾਰਕੋ ਟੈਸਟ ਸਬੰਧੀ ਦਿੱਤੇ ਬਿਆਨ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹਾਂ, ਪਰ ਇਹ ਟੈਸਟ ਲਾਈਵ ਹੋਣਾ ਚਾਹੀਦਾ ਹੈ ਤਾਂ ਕਿ ਪੂਰਾ ਦੇਸ਼ ਇਸ ਨੂੰ ਦੇਖ ਸਕੇ।
ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ, 'ਅਸੀਂ ਇਸ ਟੈਸਟ ਲਈ ਤਿਆਰ ਹਾਂ ਅਤੇ ਇਹ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਲੜਕੀਆਂ ਨੇ ਸ਼ਿਕਾਇਤ ਦਿੱਤੀ ਹੈ, ਉਨ੍ਹਾਂ ਦਾ ਨਾਰਕੋ ਟੈਸਟ ਵੀ ਹੋਣਾ ਚਾਹੀਦਾ ਹੈ। ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਸਟਾਰ ਵਜੋਂ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ। ਇਸ ਦੇ ਨਾਲ ਹੀ ਇਹ ਵੀ ਸਮਝ ਲੈਣਾ ਚਾਹੀਦਾ ਹੈ ਕਿ ਉਸ ਨੇ ਆਪ ਹੀ ਨਾਰਕੋ ਟੈਸਟ ਕਰਵਾਉਣ ਦੀ ਗੱਲ ਕਹੀ ਹੈ, ਕਿਉਂਕਿ ਇਹ ਗੱਲ ਅਸੀਂ ਪਹਿਲਾਂ ਹੀ ਕਹਿ ਚੁੱਕੇ ਸੀ।
ਦੂਜੇ ਪਾਸੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਸਾਨੂੰ ਇੱਥੇ ਪ੍ਰਦਰਸ਼ਨ ਕਰਦਿਆਂ ਨੂੰ ਇੱਕ ਮਹੀਨਾ ਹੋ ਗਿਆ ਹੈ ਪਰ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਹੋਈ ਹੈ। ਧਰਨੇ ਦੇ ਇੱਕ ਮਹੀਨਾ ਪੂਰਾ ਹੋਣ 'ਤੇ ਅਸੀਂ ਮੰਗਲਵਾਰ ਨੂੰ ਸ਼ਾਮ 5 ਵਜੇ ਇੰਡੀਆ ਗੇਟ 'ਤੇ ਕੈਂਡਲ ਮਾਰਚ ਕੱਢਾਂਗੇ। ਅਸੀਂ ਕਹਿੰਦੇ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ ਤੋਂ ਪਹਿਲਾਂ ਮਹਿਲਾ ਸੰਸਦ ਮੈਂਬਰਾਂ ਨੂੰ ਮੀਟਿੰਗ ਕਰਨੀ ਚਾਹੀਦੀ ਹੈ ਅਤੇ ਪਹਿਲਵਾਨਾਂ ਲਈ ਆਵਾਜ਼ ਉਠਾਉਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਸ਼ਾਮ ਨੂੰ ਬੀਜੇਪੀ ਸੰਸਦ ਅਤੇ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਣ ਸਿੰਘ ਨੇ ਫੇਸਬੁੱਕ 'ਤੇ ਲਿਖਿਆ ਸੀ ਕਿ ਉਹ ਨਾਰਕੋ ਟੈਸਟ ਲਈ ਤਿਆਰ ਹਨ ਪਰ ਖਿਡਾਰੀਆਂ ਦਾ ਵੀ ਨਾਰਕੋ ਟੈਸਟ ਕਰਵਾਉਣਾ ਚਾਹੀਦਾ ਹੈ। ਜਿਸ ਤੋਂ ਬਾਅਦ ਅੱਜ ਪਹਿਲਵਾਨਾਂ ਨੇ ਇਹ ਪ੍ਰੈਸ ਕਾਨਫਰੰਸ ਕੀਤੀ।