ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਮੀਟਿੰਗ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਮੁੱਖ ਤੌਰ 'ਤੇ ਪੰਜਾਬ 'ਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਵੀ ਚਰਚਾ ਹੋਈ। ਬੈਠਕ 'ਚ 'ਆਪ' ਵੱਲੋਂ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਪਾਰਟੀ ਪੰਜਾਬ 'ਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਮੋਰਚਾ ਖੋਲੇਗੀ। ਇਸ ਦੇ ਨਾਲ ਹੀ ਮੀਟਿੰਗ ਵਿੱਚ ਲੋਕ ਸਭਾ ਚੋਣਾਂ 'ਚ ਹੋਈ ਵੱਡੀ ਹਾਰ 'ਤੇ ਵੀ ਸਮੀਖਿਆ ਕੀਤੀ ਗਈ।
ਬੈਠਕ ਖ਼ਤਮ ਹੋਣ ਤੋਂ ਬਾਅਦ 'ਆਪ' ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਸੂਬੇ ਵਿੱਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਪੂਰੀ ਤਰ੍ਹਾਂ ਲਾਮਬੰਧ ਹੈ। ਉਨ੍ਹਾਂ ਕਿਹਾ ਬੈਠਕ ਵਿੱਚ ਲੋਕ ਸਭ ਵਿੱਚ ਕਿਹੜੇ ਮੁੱਦੇ ਚੁੱਕੇ ਜਾਣਗੇ, ਇਸ ਸਬੰਧੀ ਵੀ ਚਰਚਾ ਕੀਤੀ ਗਈ ਹੈ। ਸ਼ਨੀਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਇਹ ਵੀ ਸਪਸ਼ੱਟ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਫ਼ਗਵਾੜਾ ਅਤੇ ਜਲਾਲਾਬਾਦ 'ਚ ਹੋਣ ਵਾਲੀਆਂ ਉਪ ਚੋਣਾਂ ਵੀ ਲੜੇਗੀ। 'ਆਪ' ਦੀ ਇਸ ਮੀਟਿੰਗ ਵਿੱਚ ਭਗਵੰਤ ਮਾਨ ਤੋਂ ਅਲਾਵਾ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਸਨ।