ਲੁਧਿਆਣਾ: ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸੋਮਵਾਰ ਨੂੰ ਲੁਧਿਆਣਾ 'ਚ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਪ੍ਰੈਸ ਕਾਨਫ਼ਰੰਸ ਦੌਰਾਨ ਨਾਭਾ ਦੀ ਹਾਈ ਸਕਿਓਰਿਟੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਦੇ ਕਤਲ ਦੇ ਮਾਮਲੇ 'ਚ ਡੂੰਘਾਈ ਨਾਲ ਜਾਂਚ ਕਰਵਾਉਣ ਦਾ ਭਰੋਸਾ ਦਿਵਾਇਆ।
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਤਲ ਨੂੰ ਕਿਸੇ ਸਾਜਿਸ਼ ਤਹਿਤ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਲਕੇ ਏਡੀਜੀਪੀ ਇਸ ਮਾਮਲੇ ਦੀ ਰਿਪੋਰਟ ਉਨ੍ਹਾਂ ਨੂੰ ਸੌਂਪਣਗੇ।
ਹਾਲਾਂਕਿ, ਇਸ ਦੇ ਨਾਲ ਹੀ ਉਹ ਇਸ ਮਾਮਲੇ ਦੇ ਮੁਲਜ਼ਮ ਦਾ ਬਚਾਅ ਕਰਦੇ ਵੀ ਨਜ਼ਰ ਆਏ। ਰੰਧਾਵਾ ਨੇ ਇਹ ਵੀ ਕਿਹਾ ਕਿ ਮਹਿੰਦਰਪਾਲ ਬੇਅਦਬੀ ਕਾਂਡ ਦਾ ਮੁੱਖ ਮੁਲਜ਼ਮ ਸੀ ਤੇ ਮਹਿੰਦਰਪਾਲ ਦਾ ਕਤਲ ਬੇਅਦਬੀ ਕਾਂਡ ਨੂੰ ਲੈ ਕੇ ਕਰਨਾ, ਇਹ ਆਪਣੇ ਆਪ 'ਚ ਕਾਫ਼ੀ ਵੱਡਾ ਸਵਾਲ ਹੈ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਸਾਰੇ ਹੀ ਤੱਥ ਸਾਹਮਣੇ ਲਿਆਏ ਜਾਣਗੇ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਨਾਭਾ ਦੀ ਜੇਲ੍ਹ 'ਚ ਬੇਦਬੀ ਕਾਂਡ ਦੇ ਦੋਸ਼ੀ ਅਤੇ ਡੇਰਾ ਪ੍ਰੇਮੀ ਮਹਿੰਦਰਪਾਲ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸੂਬੇ ਵਿੱਚ ਤਣਾਅ ਵੱਧ ਗਿਆ ਹੈ।