ਪਠਾਨਕੋਟ: ਮੰਗਲਵਾਰ ਨੂੰ ਪਠਾਨਕੋਟ ਦੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਕਲਮ ਛੱਡ ਹੜਤਾਲ ਕੀਤੀ ਗਈ। ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲਾ ਬਣਦਾ ਹੋਇਆ ਡੀਏ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਹੈ। ਸਰਕਾਰ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦਾ ਕਰਮਚਾਰੀਆਂ ਨੂੰ ਮਿਲਣ ਵਾਲਾ ਡੀਏ ਦੇਣ ਦੇ ਬਾਰੇ ਰਵੱਈਆ ਠੀਕ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਨੂੰ ਤਾਂ ਡੀਏ ਦਿੱਤਾ ਜਾ ਰਿਹਾ ਹੈ, ਪਰ ਮੁਲਾਜ਼ਮਾਂ ਨੂੰ ਡੀਏ ਦੀ ਕਿਸ਼ਤ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਰੋਸ ਵਜੋਂ ਕਰਮਚਾਰੀਆਂ ਨੇ ਡੀਸੀ ਦਫ਼ਤਰ ਦਾ ਕੋਈ ਵੀ ਕੰਮ ਨਹੀਂ ਕੀਤਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਫ਼ਰੀ ਨੇ ਦੱਸਿਆ ਕਿ 2 ਜੂਨ ਨੂੰ ਜ਼ੀਰਾ ਵਿੱਚ ਇਕ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਸੀ ਕਿ ਪੂਰੇ ਪੰਜਾਬ ਵਿੱਚ 4 ਤਰੀਖ਼ ਨੂੰ ਸਾਰੇ ਜ਼ਿਲ੍ਹਾ ਮੁਲਾਜ਼ਮਾਂ ਵੱਲੋਂ ਕਲਮ ਛੱਡ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀ 10 ਤਰੀਖ਼ ਤੱਕ ਸਰਕਾਰ ਵੱਲੋਂ ਉਨ੍ਹਾਂ ਦਾ ਬਣਦਾ ਡੀਏ ਦਿੱਤਾ ਜਾਵੇ ਨਹੀਂ ਤਾਂ ਮੁਲਾਜ਼ਮ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।