ਤਰਨ ਤਾਰਨ: ਆਰ.ਐਮ.ਪੀ. ਡਾਕਟਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਡਾਕਟਰ ਸਰਕਾਰ ਕੋਲੋਂ ਉਨ੍ਹਾਂ ਨੂੰ ਪ੍ਰੈਕਟਿਸ ਲਈ ਰਜਿਸਟਰ ਕਰਨ ਦੀ ਮੰਗ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਵੱਲੋਂ ਪਿੰਡਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਦੀ ਰਜਿਸਟ੍ਰੇਸ਼ਨ ਬੰਦ ਕੀਤੀ ਹੋਈ ਹੈ। ਦੱਸ ਦੇਈਏ ਕਿ ਸਰਕਾਰ ਵੱਲੋਂ ਹੁਣ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੀ ਰੋਕਥਾਮ ਲਈ ਪਿੰਡਾਂ ਵਿੱਚ ਕੰਮ ਕਰ ਰਹੇ ਗ਼ੈਰ-ਰਜਿਸਟਰਡ ਡਾਕਟਰਾਂ ਖ਼ਿਲਾਫ਼ ਮੁਹਿੰਮ ਤੇਜ਼ ਕਰਦਿਆਂ ਡਾਕਟਰਾਂ ਨੂੰ 15 ਦਿਨਾਂ ਦੇ ਵਿੱਚ-ਵਿੱਚ ਆਪਣੀਆਂ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਦਾ ਵਿਰੋਧ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।
ਪੰਜਾਬ ਆਰ.ਐਮ.ਪੀ. ਡਾਕਟਰ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਨੇ ਆਪਣੀ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਪਿੰਡਾਂ ਵਿੱਚ ਸਸਤਾ ਇਲਾਜ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਲੱਗਦਾ ਹੈ ਕਿ ਆਪਣੀ ਸਹੁੰ ਪੂਰੀ ਕਰਨ ਲਈ ਡਾਕਟਰਾਂ ਨੂੰ ਨਸ਼ਿਆਂ ਦਾ ਤਸਕਰ ਦੱਸ ਕੇ ਫੜਣਾ ਆਸਾਨ ਹੈ, ਇਸ ਲਈ ਉਹ ਡਾਕਟਰਾਂ ਖ਼ਿਲਾਫ਼ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ 8 ਜੁਲਾਈ ਤੋਂ ਆਪਣਾ ਸੰਘਰਸ਼ ਵਿੱਢਣਗੇ।