ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਸਾਲ 2015 ਦੇ ਬਰਗਾੜੀ ਪੁਲਿਸ ਗੋਲੀਕਾਂਡ ਮਾਮਲੇ ਦੀ ਸੁਣਵਾਈ ਕਰਦਿਆਂ ਸਾਬਕਾ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਦੀ ਜ਼ਮਾਨਤ ਦੀ ਮਿਆਦ ਹੋਰ ਅੱਗੇ ਵਧਾ ਦਿੱਤੀ ਹੈ। ਬੀਤੀ 29 ਮਈ ਨੂੰ ਅਦਾਲਤ ਨੇ ਗਿਰਫ਼ਤਾਰੀ ਤੋਂ ਬਾਅਦ ਚਰਨਜੀਤ ਸ਼ਰਮਾ ਦੀ ਜ਼ਮਾਨਤ ਮੰਜ਼ੂਰ ਕੀਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 16 ਜੁਲਾਈ ਨੂੰ ਹੋਣੀ ਹੈ ਅਤੇ ਉਸ ਸਮੇਂ ਤੱਕ ਇਹ ਜ਼ਮਾਨਤ ਮੰਜ਼ੂਰ ਹੋਈ ਸਮਝੀ ਜਾਵੇਗੀ।
SIT (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਨੇ ਸਾਲ 2015 ਦੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਿਹੜਾ ਦੋਸ਼ ਪੱਤਰ (ਚਾਰਜਸ਼ੀਟ) ਦਾਖ਼ਲ ਕੀਤਾ ਸੀ, ਉਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਮੋਗਾ ਦੇ ਉਦੋਂ ਦੇ ਐੱਸਐੱਸਪੀ ਚਰਨਜੀਤ ਸਿੰਘ ਸ਼ਰਮਾ ਨੇ ਤਿੰਨ ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਇਸ ਗੋਲੀਕਾਂਡ ਨਾਲ ਸਬੰਧਤ ਤੱਥ ਲੁਕਾਉਣ ਦੀ ਸਾਜ਼ਿਸ਼ ਰਚੀ ਸੀ। ਇਸ ਗੋਲੀਕਾਂਡ ਵਿੱਚ ਦੋ ਸਿੱਖ ਕਾਰਕੁੰਨ ਮਾਰੇ ਗਏ ਸਨ, ਜੋ ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸ਼ਾਂਤਮਈ ਰੋਸ-ਧਰਨੇ ਕਰ ਰਹੇ ਸਨ।