ਮਲੇਰਕੋਟਲਾ: ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਗੋਲੀਕਾਂਡ ਵਰਗੀ ਘਟਨਾ ਨੇ ਅਕਾਲੀ-ਭਾਜਪਾ ਸਰਕਾਰ ਦਾ ਪੰਜਾਬ ਚੋਂ ਤਖ਼ਤਾ ਪਲਟ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵੀ ਸਰਕਾਰਾਂ ਇਸ ਤੋਂ ਸਬਕ ਨਹੀਂ ਲੈ ਸਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਕੈਮਰੇ ਕਾਫ਼ੀ ਦਿਨਾਂ ਤੋਂ ਖ਼ਰਾਬ ਸਨ ਅਤੇ ਦੋਸ਼ੀ ਵੱਲੋਂ ਗੁਰਦੁਆਰਾ ਸਾਹਿਬ ਦਾ ਤਾਲਾ ਤੋੜ ਕੇ ਗ੍ਰੰਥ ਸਾਹਿਬ ਦੇ ਅੰਗ ਅਗਨ ਭੇਂਟ ਕੀਤੇ ਗਏ ਹਨ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਸਹਿਮ ਦਾ ਮਹੌਲ ਹੈ ਅਤੇ ਸਿੱਖ ਸੰਗਤਾਂ 'ਚ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ।
ਇੱਕ ਪਾਸੇ ਜਿੱਥੇ ਘਟਨਾ ਸਥਾਨ ਪੁਲਿਸ ਛਾਉਣੀ 'ਚ ਤਬਦੀਲ ਹੋ ਚੁੱਕਾ ਹੈ ਉੱਥੇ ਹੀ ਸਿਆਸੀ ਆਗੂਆਂ ਅਤੇ ਧਾਰਮਿਕ ਜਥੇਬੰਦੀਆਂ ਨੇ ਵੀ ਮੋਰਚੇ ਲਗਾ ਲਏ ਹਨ। ਮੌਕੇ 'ਤੇ ਪਹੁੰਚੇ ਐੱਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੇਅਦਬੀ ਦੀ ਘਟਨਾ ਦੀ ਨਿਖੇਦੀ ਕੀਤੀ ਅਤੇ ਸਰਕਾਰ ਤੋਂ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ 'ਤੇ ਠੱਲ ਪਾਈ ਜਾਵੇ।
ਉਧਰ, ਆਮ ਆਦਮੀ ਪਾਰਟੀ ਆਗੂ ਹਰਪਾਲ ਚੀਮਾ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਸਰਕਾਰਾਂ ਦੀ ਨਾਲਾਇਕੀ ਅਤੇ ਗੁਰਦੁਆਰਾ ਪ੍ਰਬੰਧਾਂ 'ਚ ਕਮੀ ਦੇ ਚੱਲਦਿਆਂ ਇਹ ਘਟਨਾ ਵਾਪਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਡੁੰਗਾਈ ਨਾਲ ਜਾਂਚ ਕਰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਚੀਮਾ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਲੋਕਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ ਪੰਜਾਬ 'ਚ ਅਮਨ ਕਾਨੂੰਨ ਨੂੰ ਬਹੁਤ ਵੱਡਾ ਖ਼ਤਰਾ ਹੈ।
ਆਮ ਆਦਮੀ ਪਾਰਟੀ ਦੇ ਸ੍ਰੀ ਫ਼ਤਿਹਗੜ੍ਹ ਤੋਂ ਉਮੀਦਵਾਰ ਬਨਦੀਪ ਸਿੰਘ ਬਨੀ ਦੁੱਲੋ ਨੇ ਕਿਹਾ ਕਿ ਇਸ ਦੀ ਕਸੂਰਵਾਰ ਕਾਂਗਰਸ ਸਰਕਾਰ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਸਿਆਸੀ ਰੋਟੀਆਂ ਨਹੀਂ ਸੇਕਣੀਆਂ ਚਾਹੀਦੀਆਂ, ਉਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰੇ।