ਚੰਡੀਗੜ੍ਹ: ਫ਼ਤਿਹਵੀਰ ਮਾਮਲੇ 'ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਕੋਰਟ 'ਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਆਪਣੇ ਦਾਖ਼ਲ ਕੀਤੇ ਜਵਾਬ 'ਚ ਕਿਹਾ ਕਿ ਸਰਕਾਰ ਵੱਲੋਂ ਸੂਬੇ 'ਚ 1418 ਬੋਰਵੈੱਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਹੁਣ ਬੋਰ ਕਰਨ ਤੋਂ ਪਹਿਲਾਂ ਸਬੰਧਤ ਵਿਭਾਗ (ਜਲ ਵਿਭਾਗ) ਤੋਂ ਮੰਜ਼ੂਰੀ ਲੈਣੀ ਪਵੇਗੀ।
ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ 'ਤੇ ਪਟੀਸ਼ਨਕਰਤਾ ਪਰਮਜੀਤ ਸੁਖੇਜਾ ਨੂੰ ਵੀ ਆਪਣਾ ਜਵਾਬ ਦਾਖ਼ਲ ਕਰ ਲਈ ਕਿਹਾ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਨੇ ਫ਼ਤਿਹਵੀਰ ਮਾਮਲੇ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਸੰਗਰੂਰ ਦੇ ਪਿੰਡ ਭਗਵਾਨਪੂਰਾ 'ਚ ਦੋ ਸਾਲਾ ਫਤਿਹਵੀਰ 140 ਫੁੱਟ ਬੋਰਵੈੱਲ 'ਚ ਡਿੱਗ ਗਿਆ ਸੀ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਫ਼ਤਿਹਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।