ਚੰਡੀਗੜ੍ਹ: ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗ ਕੇ 2 ਸਾਲਾ ਫ਼ਤਿਹਵੀਰ ਦੀ ਹੋਈ ਮੌਤ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 3 ਜੁਲਾਈ ਤੱਕ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਕੋਰਟ ਨੇ ਮੁੱਖ ਸਕੱਤਰ ਪੰਜਾਬ ਸਰਕਾਰ, ਐਸਐਸਪੀ ਸੰਗਰੂਰ ਅਤੇ ਡੀਸੀ ਸੰਗਰੂਰ ਨੂੰ ਇਸ ਪੂਰੇ ਮਾਮਲੇ ਦੌਰਾਨ ਆਪਣੀ ਕਾਰਗੁਜ਼ਾਰੀ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਹਾਈ ਕੋਰਟ 'ਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੰਗਰੂਰ ਦੇ ਡੀਸੀ ਖ਼ਿਲਾਫ਼ ਜਾਂਚ ਕੀਤੀ। ਇਸ ਪੂਰੇ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਸਰਕਾਰ, ਐਸਐਸਪੀ ਸੰਗਰੂਰ ਅਤੇ ਡੀਸੀ ਸੰਗਰੂਰ 'ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਜ਼ਿਕਰਯੋਗ ਹੈ ਕਿ 6 ਜੂਨ ਨੂੰ ਸੰਗਰੂਰ ਦੇ ਪਿੰਡ ਭਗਵਾਨਪੁਰਾ 'ਚ 2 ਸਾਲ ਦੇ ਫ਼ਤਿਹਵੀਰ ਦੀ 150 ਫ਼ੁੱਟ ਡੂੰਘੇ ਬੋਰਵੈੱਲ 'ਚ ਡਿੱਗਣ ਕਾਰਨ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇੰਨਾਂ ਹੀ ਨਹੀਂ, ਇਸ ਮਾਮਲੇ ਨੂੰ ਲੈ ਕੇ ਲੋਕਾਂ ਵੱਲੋਂ ਸੂਬਾ ਸਰਕਾਰ ਨੂੰ ਜਮ ਕੇ ਨਿਖੇਧੀ ਕੀਤੀ ਜਾ ਰਹੀ ਹੈ।
ਹਾਲਾਂਕਿ ਇਸ ਮਾਮਲੇ ਦੀ ਜਾਂਚ ਲਈ ਹਾਈ ਕੋਰਟ 'ਚ ਪਟੀਸ਼ਨ ਦਾਖ਼ਿਲ ਕੀਤੀ ਗਈ ਸੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਇਸ ਫ਼ੈਸਲੇ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ 3 ਜੁਲਾਈ ਤੱਕ ਜਵਾਬ ਤਲਬ ਕਰਨ ਲਈ ਕਿਹਾ ਹੈ।