ਬਰਨਾਲਾ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਦਾ ਆਖ਼ਰੀ ਦੌਰ ਹੈ। ਇਸ ਦੇ ਚਲਦੇ ਕਾਂਗਰਸ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਆਪਣੇ ਜਨਮ ਦਿਨ ਮੌਕੇ ਬਰਨਾਲਾ ਦੇ ਸਦਰ ਬਜ਼ਾਰ ਤੋਂ ਲੈਕੇ ਐਸ.ਡੀ ਕਾਲਜ ਤੱਕ ਰੋਡ ਸ਼ੋਅ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਸਮਰਥਕਾਂ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦਾ ਮੁਕਾਬਲਾ ਕਿਸੇ ਨਾਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਬੇਸ਼ੱਕ ਭਾਜਪਾ ਦੇ ਕੇਂਦਰੀ ਮੰਤਰੀ ਰਾਜਨਾਥ ਸਿੰਘ ਰੈਲੀ ਕਰ ਰਹੇ ਹਨ ਪਰ ਇਸ ਦਾ ਕਾਂਗਰਸ 'ਤੇ ਕੋਈ ਦਬਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਕੀ ਉਮੀਦਵਾਰ ਇਕੱਲੇ ਤੁਰੇ-ਫ਼ਿਰਦੇ ਹਨ ਪਰ ਉਨ੍ਹਾਂ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ। ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ 23 ਮਈ ਨੂੰ ਕਾਂਗਰਸ ਦੀ ਜਿੱਤ ਹੋਵੇਗੀ ਅਤੇ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।