ਤਰਨਤਾਰਨ: ਥਾਣਾ ਵਲਟੋਹਾ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਹਿਰਾਸਤ ਵਿੱਚ ਲੈ ਕੇ ਕੁੱਟਮਾਰ ਕਰਨ ਤੋਂ ਬਾਅਦ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੋਰਾ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਅਲਗੋਂ ਖ਼ੁਰਦ ਵਜੋਂ ਹੋਈ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੀ ਰਹਿੰਦੀ ਇੱਕ ਔਰਤ ਨਾਲ ਗੋਰਾ ਸਿੰਘ ਦਾ ਇੱਕ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਔਰਤ ਨੇ ਉਨ੍ਹਾਂ ਨੇ ਲੜਕੇ ਨੂੰ ਆਪਣੇ ਘਰ ਸੱਦਿਆ ਅਤੇ ਕੁੱਝ ਹੋਰ ਵਿਅਕਤੀਆਂ ਨੂੰ ਆਪਣੇ ਘਰ ਸੱਦ ਕੇ ਉਸ ਨਾਲ ਕੁੱਟਮਾਰ ਕੀਤੀ। ਕੁੱਟਮਾਰ ਕਰਨ ਤੋਂ ਬਾਅਦ ਉੱਕਤ ਔਰਤ ਨੇ ਹੀ ਪੁਲਿਸ ਨੂੰ ਫ਼ੋਨ ਉੱਤੇ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਿਸ ਗੋਰਾ ਸਿੰਘ ਨੂੰ ਲੈ ਗਈ ਅਤੇ ਉਸ ਨੂੰ ਨਾਜਾਇਜ਼ ਹਵਾਲਾਤ ਵਿੱਚ 2 ਦਿਨਾਂ ਲਈ ਰੱਖਿਆ।
ਉਨ੍ਹਾਂ ਦੱਸਿਆ ਕਿ 2 ਦਿਨਾਂ ਦੀ ਹਿਰਾਸਤ ਵਿੱਚ ਰੱਖਣ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਿਸ ਨੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਫ਼ੋਨ ਕੀਤਾ ਕਿ ਤੁਸੀਂ ਆ ਕੇ ਆਪਣੇ ਲੜਕੇ ਨੂੰ ਲੈ ਜਾਓ ਉਸ ਦੀ ਹਾਲਤ ਠੀਕ ਨਹੀਂ ਹੈ। ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿਖੇ ਇਲਾਜ਼ ਲਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਮੌਤ ਹੋ ਗਈ।
ਪਰਿਵਾਰ ਵਾਲਿਆਂ ਪੰਜਾਬ ਪੁਲਿਸ ਉੱਤੇ ਨਾਜਾਇਜ਼ ਹਿਰਾਸਤ ਦੌਰਾਨ ਕੁੱਟਮਾਰ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਪੁਲਿਸ ਨੇ ਉਨ੍ਹਾਂ ਨੂੰ ਸਮੇਂ ਸਿਰ ਦੱਸਿਆ ਹੁੰਦਾ ਤਾਂ ਅੱਜ ਉਨ੍ਹਾਂ ਦਾ ਪਰਿਵਾਰਕ ਮੈਂਬਰ ਉਨ੍ਹਾਂ ਦੇ ਨਾਲ ਹੁੰਦਾ।
ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ ਅਤੇ ਪੁਲਿਸ ਮੁਲਾਜ਼ਮਾਂ ਅਤੇ ਔਰਤ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ਹੈ।
ਇਸ ਮਾਮਲੇ ਬਾਰੇ ਜਦੋਂ ਥਾਣਾ ਵਲਟੋਹਾ ਦੇ ਐੱਸ.ਐੱਚ.ਓ ਬਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਿਰਾਸਤ ਦੌਰਾਨ ਉਸ ਦੀ ਹਾਲਤ ਬਿਲਕੁਲ ਠੀਕ ਸੀ। ਐੱਸ.ਐੱਚ.ਓ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਹੀ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਲੜਕੇ ਦੀ ਸਿਹਤ ਖ਼ਰਾਬ ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਜੋ ਵੀ ਹੋਇਆ ਹੈ, ਹਿਰਾਸਤ ਤੋਂ ਬਾਹਰ ਜਾਣ ਤੋਂ ਬਾਅਦ ਹੋਇਆ ਹੈ।