ਲੁਧਿਆਣਾ: ਲੁਧਿਆਣਾ ਦੇ ਬਸਤੀ ਜੋਧੇਵਾਲਾ ਚੌਕ 'ਚ ਉਸ ਵੇਲੇ ਹੰਗਾਮਾ ਹੋ ਗਿਆ ਜਦ ਚੌਕ ਦੇ ਨੇੜੇ ਵਾਪਰੇ ਇੱਕ ਸੜਕ ਹਾਦਸੇ ਤੋਂ ਬਾਅਦ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਪ੍ਰਾਪਤ ਜਾਣਕਾਰੀ ਮੁਤਾਬਿਕ ਬਸਤੀ ਜੋਧੇਵਾਲ ਚੌਕ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਅੱਜ ਇੱਕ ਪੀਆਰਟੀਸੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਬੱਸ ਜਲੰਧਰ ਵਾਲੇ ਪਾਸੇ ਤੋਂ ਬਸਤੀ ਜੋਧੇਵਾਲ ਹੁੰਦੀ ਹੋਈ ਬੱਸ ਅੱਡੇ ਵੱਲ ਜਾ ਰਹੀ ਸੀ। ਇਸ ਦੌਰਾਨ ਸੁਭਾਸ਼ ਨਗਰ ਖੇਤਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬੱਸ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੌਰਾਨ ਇਕੱਠੇ ਹੋਏ ਲੋਕਾਂ ਨੇ ਗੁੱਸੇ ਵਿੱਚ ਆ ਕੇ ਬੱਸ ਦੀ ਭੰਨ-ਤੋੜ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।