ਚੰਡੀਗੜ੍ਹ: ਮੇਘਾਲਿਆ 'ਚ ਵੱਸਦੇ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਸੁਲਝਾਉਣ ਲਈ ਪੰਜਾਬ ਸਰਕਾਰ ਵੱਲੋ 5 ਮੈਂਬਰੀ ਵਫ਼ਦ ਅੱਜ ਸ਼ਿਲਾਂਗ ਰਵਾਨਾ ਹੋ ਗਿਆ ਹੈ। ਇਸ ਵਫ਼ਦ ਦੀ ਅਗੁਵਾਈ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਕਰ ਰਹੇ ਹਨ। ਵਫ਼ਦ ਵਿੱਚ ਵਿਧਾਇਕ ਕੁਲਦੀਪ ਸਿੰਘ ਵੈਦ, ਕੁਲਬੀਰ ਸਿੰਘ ਜ਼ੀਰਾ, ਸਾਂਸਦ ਰਵਨੀਤ ਬਿੱਟੂ ਤੇ ਜਸਬੀਰ ਸਿੰਘ ਗਿੱਲ ਸ਼ਾਮਲ ਹਨ ਜੋ ਕਿ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।
ਪ੍ਰਾਪਤ ਜਾਣਕਾਰੀ ਮੁਤਾਬਕ ਸ਼ਿਲਾਂਗ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਕੁਝ ਪਾਬੰਦੀਸ਼ੁਦਾ ਸੰਗਠਨਾਂ ਵੱਲੋਂ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ। ਇਸ 'ਤੇ ਸਰਕਾਰ ਨੇ ਸਖ਼ਤ ਰਵੱਈਆ ਦਿਖਾਉਂਦਿਆਂ ਮਾਮਲੇ ਨੂੰ ਸੁਲਝਾਉਣ ਲਈ ਵਫ਼ਦ ਨੂੰ ਸ਼ਿਲਾਂਗ ਭੇਜਿਆ ਹੈ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਨੂੰ ਵੀ ਇਸ ਮਾਮਲੇ 'ਚ ਦਖ਼ਲ ਦੇਣ ਲਈ ਕਿਹਾ ਗਿਆ ਸੀ।