ਚੰਡੀਗੜ੍ਹ: ਸ਼੍ਰੋਮਣੀ ਕਾਲੀ ਦਲ ਵੱਲੋਂ ਚੋਣ ਕਮਿਸ਼ਨ ਨੂੰ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਦਿੱਤੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕੀਤਾ ਹੈ। ਚੋਣ ਕਮਿਸ਼ਨ ਨੇ ਅਕਾਲੀ ਦਲ ਦੀ ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੰਜਾਬ ਦੀ ਕੈਪਟਨ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਦੇਣ ਲਈ ਕਿਹਾ ਸੀ।
ਹੁਣ ਪੰਜਾਬ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਜਵਾਬ ਦਿੱਤਾ ਹੈ। ਪੰਜਾਬ ਸਰਕਾਰ ਦੇ ਮੁਤਾਬਕ ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਨੇ SIT 'ਚ ਰਹਿੰਦੇ ਹੋਏ ਇਸ ਮਾਮਲੇ ਨੂੰ ਲੈ ਕੇ ਮੀਡੀਆ ਵਿੱਚ ਵੀ ਕੋਈ ਬਿਆਨਬਾਜ਼ੀ ਨਹੀਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਕੁੰਵਰ ਵਿਜੈ ਪ੍ਰਤਾਪ ਵੱਲੋਂ ਚੋਣ ਜ਼ਾਬਤੇ ਦੌਰਾਨ SIT ਦਾ ਕੰਮ ਕਰਨ ਸਬੰਧੀ ਅਕਾਲੀ ਦਲ ਦਾ ਇੱਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ ਸੀ। ਅਕਾਲੀ ਦਲ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਦਿੱਤੀ ਸੀ, ਜਿਸ ਤੋਂ ਬਾਅਦ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਆਪਣੀ ਸਫ਼ਾਈ ਪੇਸ਼ ਕਰਨ ਲਈ ਕਿਹਾ ਗਿਆ ਸੀ।