ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਕਮਿਸ਼ਨ ਕੋਲ ਕੁੰਵਰ ਵਿਜੇ ਪ੍ਰਤਾਪ ਦੀ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਪੰਜਾਬ 'ਚ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਸਾਂਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਇਮਾਨਦਾਰ ਅਫ਼ਸਰ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬੇਅਦਬੀਆਂ 'ਚ ਆਪਣਾ ਨਾਂਅ ਸਾਹਮਣੇ ਆਉਣ ਤੋਂ ਬਾਅਦ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਰਿਹਾ ਹੈ।
ਬਿੱਟੂ ਨੇ ਕਿਹਾ ਕਿ ਬਾਦਲ ਲੋਕਾਂ ਦਾ ਧਿਆਨ ਭਟਕਾਉਣ ਲਈ ਅਜਿਹੀਆਂ ਸਾਜ਼ਿਸ਼ਾਂ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੁੰਵਰ ਵਿਜੇ ਪ੍ਰਤਾਪ ਦੇ ਨਾਲ ਖੜੀ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਨੂੰ ਉਹ ਪਾਰਲੀਮੈਂਟ 'ਚ ਵੀ ਚੁੱਕਣਗੇ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ ਸੀ। ਅਕਾਲੀ ਦਲ ਦਾ ਕਹਿਣਾ ਸੀ ਕਿ ਚੋਣਾਂ ਦੇ ਦੌਰਾਨ ਕੁੰਵਰ ਵਿਜੈ ਪ੍ਰਤਾਪ ਤਬਾਦਲੇ ਦੇ ਬਾਵਜੂਦ ਬੇਅਦਬੀਆਂ ਦੀ ਜਾਂਚ ਕਰ ਰਹੀ ਐੱਸਆਈਟੀ ਦਾ ਹਿੱਸਾ ਬਣੇ ਰਹੇ। ਉਹ ਬੈਠਕਾਂ ਵਿੱਚ ਵੀ ਸ਼ਾਮਿਲ ਹੋਏ ਹੀ ਸਗੋਂ ਜਾਂਚ 'ਚ ਵੀ ਉਨ੍ਹਾਂ ਦਾ ਪ੍ਰਭਾਵ ਰਿਹਾ। ਜਿਸ ਕਰਕੇ ਚੋਣ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਗਿਆ ਅਤੇ ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ 'ਚ ਜਵਾਬ ਮੰਗਿਆ ਗਿਆ ਸੀ।