ਚੰਡੀਗੜ੍ਹ: ਇੱਥੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ,TET ਪਾਸ ਬੇਰੁਜ਼ਗਾਰ BEd ਅਧਿਆਪਕ ਯੂਨੀਅਨ ਅਤੇ ਕਈ ਹੋਰ ਅਧਿਆਪਕ ਯੂਨੀਅਨਾਂ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨਾਲ ਸੋਮਵਾਰ ਨੂੰ ਬੈਠਕ ਕੀਤੀ ਗਈ। ਇਸ ਮੌਕੇ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਿੱਖਿਆ ਮੰਤਰੀ ਦੇ ਸਾਹਮਣੇ ਰੱਖੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਸੂਬੇ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਜਥੇਬੰਦੀਆ ਦੀਆਂ ਮੰਗਾਂ ਨੂੰ ਸੁਣ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀਆਂ ਮੰਗਾਂ ਨੂੰ ਸੁਣਨ ਲਈ ਕਮੇਟੀ ਬਣੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ 'ਤੇ ਮੁੱਖ ਮੰਤਰੀ ਨਾਲ ਜਥੇਬੰਦੀ ਦੀਆਂ ਮੰਗਾਂ ਨੂੰ ਰੱਖਣਗੇ। ਦੂਜੇ ਪਾਸੇ ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਨੇ ਮੌਜੂਦਾ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨਹੀਂ ਸੀ ਤਾਂ ਉਸ ਵੇਲੇ ਉਹ ਸਾਡੇ ਧਰਨਿਆਂ ਵਿੱਚ ਆਉਂਦੇ ਸਨ ਅਤੇ ਸਰਕਾਰ ਬਣਨ 'ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਕਰਦੇ ਸਨ ਪਰ ਹੁਣ ਢਾਈ ਸਾਲ ਬੀਤਣ ਤੋਂ ਬਾਅਦ ਵੀ ਉਨ੍ਹਾਂ ਦੀ ਮੰਗਾਂ 'ਤੇ ਗੌਰ ਨਹੀਂ ਕੀਤਾ ਗਿਆ ਹੈ।