ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਤੇ ਨਸ਼ੇ ਉੱਤੇ ਠੱਲ੍ਹ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਥਾਣਾ ਦੇ ਅਧੀਨ ਪੈਂਦੇ ਥਾਣਾ ਮਹਿਤਾ ਦੇ ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਰੋਜ਼ਾਨਾਂ ਪੁਲਿਸ ਵੱਲੋਂ ਪੈਟਰੋਲਿੰਗ ਕੀਤੀ ਜਾਂਦੀ ਹੈ। ਇਸ ਦੌਰਾਨ ਜਦ ਉਨ੍ਹਾਂ ਦੀ ਪੁਲਿਸ ਪਾਰਟੀ ਟੀ ਪੁਆਇੰਟ ਰੱਖੇਸ਼ਾਹ ਕੋਲ ਮੌਜੂਦ ਸੀ ਤਾਂ ਉਨ੍ਹਾਂ ਨੂੰ ਇੱਕ ਨਸ਼ਾ ਤਸਕਰ ਸਬੰਧੀ ਗੁਪਤ ਸੂਚਨਾ ਮਿਲੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਵਿਸ਼ੇਸ਼ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ।
ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੋਲੋਂ ਤਲਾਸ਼ੀ ਦੇ ਦੌਰਾਨ 30 ਬੋਰ ਦੀ ਇੱਕ ਪਿਸਟਲ, 5 ਜ਼ਿੰਦਾ ਰੌਂਦ,1 ਮੈਗਜ਼ੀਨ ਤੇ 140 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਵਸਨੀਕ ਉਦੋਨੰਗਲ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਦੇ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।