ਅੰਮ੍ਰਿਤਸਰ: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਯਤਨਾਂ ਸਦਕਾ ਅੱਜ ਮੁੜ ਤੋਂ ਦੁਬਈ ਅੰਦਰ ਫਸੇ 174 ਭਾਰਤੀਆਂ ਦੀ ਵਤਨ ਵਾਪਸੀ ਹੋਈ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਇਨ੍ਹਾਂ 174 ਭਾਰਤੀਆਂ ਨੂੰ ਆਪਣੇ ਖਰਚ 'ਤੇ ਚਾਰਟਰਡ ਜਹਾਜ਼ ਰਾਹੀਂ ਭਾਰਤ ਲਿਆਂਦਾ ਗਿਆ ਹੈ।
ਇਸ ਮੌਕੇ ਵਤਨ ਪਰਤੇ 174 ਭਾਰਤੀਆਂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੇ ਅੱਜ ਡਾ. ਓਬਰਾਏ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਵਤਨ ਵਾਪਸ ਨਹੀਂ ਆ ਸਕਦੇ ਸਨ।
ਇਸ ਮੌਕੇ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਕਾਰਨ ਅਰਬ ਦੇਸ਼ਾਂ ਅੰਦਰ ਹਜ਼ਾਰਾਂ ਹੀ ਅਜਿਹੇ ਭਾਰਤੀ ਫਸੇ ਹੋਏ ਹਨ, ਜੋ ਆਪਣੇ ਦੇਸ਼ ਆਉਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉੱਥੇ ਫਸੇ ਲੋਕ ਚਾਰ ਵੱਖ-ਵੱਖ ਵਰਗਾਂ ਨਾਲ ਸਬੰਧਤ ਹਨ। ਉਹ ਵਰਗ ਜੋ ਸਭ ਤੋਂ ਵੱਧ ਗਿਣਤੀ ਭਾਵ ਹਜ਼ਾਰਾਂ 'ਚ ਹੈ, ਉਹ ਅਜਿਹੇ ਕਾਮੇ ਹਨ ਜੋ ਕੋਰੋਨਾ ਮਹਾਂਮਾਰੀ ਦੌਰਾਨ ਕੰਪਨੀਆਂ ਬੰਦ ਹੋਣ ਕਾਰਨ ਸੜਕਾਂ 'ਤੇ ਆ ਚੁੱਕੇ ਹਨ। ਉਨ੍ਹਾਂ ਦੀ ਹਾਲਤ ਇੰਨੀ ਖ਼ਰਾਬ ਹੈ ਕਿ ਉਹ ਦੋ ਵਕਤ ਦੀ ਰੋਟੀ ਨੂੰ ਵੀ ਤਰਸ ਰਹੇ ਹਨ।
ਉਨ੍ਹਾਂ ਦੱਸਿਆ ਕਿ ਦੁਬਈ ਅੰਦਰ ਉਨ੍ਹਾਂ ਦੇ ਟਰੱਸਟ ਦੀਆਂ ਨਿੱਜੀ ਰਿਹਾਇਸ਼ਾਂ ਅੰਦਰ ਜਿੰਨੀ ਜਗ੍ਹਾ ਖਾਲੀ ਸੀ, ਉਨ੍ਹਾਂ ਅੰਦਰ ਤਾਂ ਉਹ ਸੈਂਕੜੇ ਬੇਰੁਜ਼ਗਾਰ ਕਾਮਿਆਂ ਨੂੰ ਆਪਣੇ ਪੱਧਰ 'ਤੇ ਮੁਫ਼ਤ ਰਿਹਾਇਸ਼ ਤੇ ਖਾਣਾ ਦੇ ਰਹੇ ਹਨ ਪਰ ਸਭ ਨੂੰ ਉੱਥੇ ਰੱਖਣਾ ਅਸੰਭਵ ਹੈ।
ਡਾ. ਓਬਰਾਏ ਨੇ ਕਿਹਾ ਕਿ ਬੇਸ਼ੱਕ ਦੁਬਈ ਤੋਂ ਭਾਰਤ ਆਉਣ ਲਈ ਰਜਿਸਟਰਡ ਹੋਏ ਲੋਕਾਂ ਨੂੰ ਵਿਸ਼ੇਸ਼ ਚਾਰਟਰਡ ਜਹਾਜ਼ਾਂ ਰਾਹੀਂ ਵਾਪਸ ਲਿਆਂਦਾ ਜਾ ਰਿਹਾ ਹੈ ਪਰ ਸੀਮਿਤ ਉਡਾਣਾਂ ਹੋਣ ਕਾਰਨ ਬਹੁਤ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਦਿਨੋਂ ਦਿਨ ਉੱਥੇ ਬੇਰੁਜ਼ਗਾਰ ਹੋਏ ਲੋਕਾਂ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਮੁੱਖ ਮੰਤਵ ਉੱਥੇ ਫਸੇ ਬੇਰੁਜ਼ਗਾਰ ਤੇ ਬੇਵੱਸ ਲੋਕਾਂ ਨੂੰ ਮੁਫਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣਾ ਹੈ ਤਾਂ ਜੋ ਇਹ ਨੌਜਵਾਨ ਵਿਦੇਸ਼ 'ਚ ਦਰ-ਦਰ ਦੀਆਂ ਠੋਕਰਾਂ ਖਾ ਕੇ ਖ਼ੁਦਕਸ਼ੀ ਦੇ ਰਾਹ ਨਾ ਪੈ ਜਾਣ ਜਾਂ ਮਜਬੂਰੀ ਵੱਸ ਕਿਤੇ ਅਪਰਾਧ ਦੀ ਦੁਨੀਆ 'ਚ ਸ਼ਾਮਲ ਨਾ ਹੋ ਜਾਣ। ਇਸ ਲਈ ਉਹ ਖ਼ਰਚਾ ਕਰਕੇ ਜਿਉਂਦੇ ਜਾਗਦੇ ਨੌਜਵਾਨਾਂ ਨੂੰ ਵਾਪਸ ਵਤਨ ਲੈ ਕੇ ਆਉਣ ਲਈ ਯਤਨਸ਼ੀਲ ਹਨ।
ਡਾ. ਓਬਰਾਏ ਨੇ ਇਹ ਵੀ ਕਿਹਾ ਕਿ ਜੇਕਰ ਲੋੜ ਪਈ ਤਾਂ ਟਰੱਸਟ ਵੱਲੋਂ ਅਗਲੇ ਮਹੀਨੇ ਵੀ ਆਪਣੇ ਖਰਚ 'ਤੇ 4 ਹੋਰ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕੀਤਾ ਜਾਵੇਗਾ। ਟਰੱਸਟ ਵੱਲੋਂ ਬੁੱਕ ਕਰਵਾਏ ਗਏ ਜਹਾਜ਼ਾਂ 'ਚੋਂ ਅਗਲੀ ਭਾਵ ਤੀਸਰੀ ਉਡਾਣ 19 ਜੁਲਾਈ ਨੂੰ ਚੰਡੀਗੜ੍ਹ ਜਦ ਕਿ ਚੌਥੀ 25 ਜੁਲਾਈ ਨੂੰ ਮੁੜ ਅੰਮ੍ਰਿਤਸਰ ਵਿਖੇ ਪਹੁੰਚੇਗੀ। ਜਿਨ੍ਹਾਂ ਲਈ ਉੱਥੇ ਫਸੇ ਲੋਕਾਂ ਨੇ ਟਰੱਸਟ ਦੇ ਦੁਬਈ ਸਥਿਤ ਦਫਤਰ 'ਚ ਆਪਣੇ ਨਾਂਅ ਰਜਿਸਟਰ ਕਰਵਾ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਮਸਲੇ 'ਚ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੇ ਵੀ ਉਨ੍ਹਾਂ ਨੂੰ ਸਹਿਯੋਗ ਦਿੱਤਾ ਹੈ।