ਅੰਮ੍ਰਿਤਸਰ: ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੁਝ ਲੋਕ ਇਸ ਮਾਮਲੇ ਵਿੱਚ ਸਿਰਫ ਰੌਲਾ ਪਾ ਰਹੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕਰਵਾਈ ਗਈ ਜਾਂਚ ਜੋ ਡਾ.ਈਸ਼ਰ ਸਿੰਘ ਦੀ ਕਮੇਟੀ ਵੱਲੋਂ ਕੀਤੀ ਗਈ, ਜਿਸ ਵਿੱਚ ਸਪੱਸ਼ਟ ਹੋ ਗਿਆ ਹੈ ਕਿ ਨਾ ਤਾਂ ਸਰੂਪਾਂ ਦੀ ਬੇਅਦਬੀ ਹੋਈ ਹੈ, ਨਾ ਚੋਰੀ ਹੋਏ ਤੇ ਨਾ ਹੀ ਲਾਪਤਾ ਹੋਏ ਹਨ। ਸਿਰਫ਼ ਕਰਮਚਾਰੀਆਂ ਵੱਲੋਂ ਸਰੂਪ ਸੰਗਤਾਂ ਨੂੰ ਦੇ ਕੇ ਦਰਸ਼ਨੀ ਭੇਟਾ ਸ਼੍ਰੋਮਣੀ ਕਮੇਟੀ ਦੇ ਖਾਤੇ 'ਚ ਜਮ੍ਹਾ ਨਹੀਂ ਕਰਵਾਈ।
ਸਿੱਖ ਸੰਸਥਾਵਾਂ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਸ਼ਾਨੇ 'ਤੇ ਲਏ ਜਾਣ ਦੇ ਸਵਾਲ ਦੇ ਜਵਾਬ ਨੂੰ ਲੈ ਕੇ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮਰੱਥ ਹੈ ਅਤੇ ਬਹੁਤੇ ਲੋਕ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦੋਸ਼ੀ ਕਰਮਚਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਫ਼ਤਰ ਦੇ ਸਾਹਮਣੇ ਧਰਨਾ ਲਾ ਕੇ ਦੋਸ਼ੀਆਂ ਖ਼ਿਲਾਫ਼ ਫੌਜਦਾਰੀ ਪਰਚਾ ਦਰਜ਼ ਕਰਨ ਦੀ ਮੰਗ ਦੇ ਸਵਾਲ ਜਵਾਬ ਵਿੱਚ ਉਨ੍ਹਾਂ ਕਿਹਾ ਕਿ 2-4 ਬੰਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰ ਰਹੇ ਹਨ।