ਅੰਮ੍ਰਿਤਸਰ: ਕਿਸਾਨ ਅੰਦੋਲਨ (Farmers Protest) ਪਿਛਲੇ 10 ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਬਰੂਹਾਂ 'ਤੇ ਜਾਰੀ ਹੈ। ਇਸ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋ ਚੁੱਕੇ ਹਨ। 3 ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ-ਹਰਿਆਣਾ (Delhi-Haryana) ਦੀਆਂ ਹੱਦਾਂ 'ਤੇ ਬੈਠੇ ਕਿਸਾਨਾਂ ਦੀ ਸਰਕਾਰ ਨਾਲ ਕਈ ਵਾਰ ਗੱਲਬਾਤ ਵੀ ਹੋਈ ਪਰ ਕੋਈ ਸਿੱਟਾ ਨਹੀਂ ਨਿਕਲ ਰਿਹਾ ਹੈ। ਕਿਸਾਨ ਅੰਦੋਲਨ ਨੂੰ ਮੱਘਦਾ ਰੱਖਣ ਲਈ ਪੰਜਾਬ ਅਤੇ ਹਰਿਆਣਾ ਦੇ ਪਿੰਡਾਂ ਕਿਸਾਨ ਵੱਡੀ ਗਿਣਤੀ ਵਿਚ ਅਜੇ ਵੀ ਪਹੁੰਚ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਕਿਸਾਨ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਇਸੇ ਤਰ੍ਹਾਂ ਕਰਦੇ ਰਹਿਣਗੇ।
ਅੰਮ੍ਰਿਤਸਰ ਤੋਂ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਦਾ ਵੱਡਾ ਜੱਥਾ ਦਿੱਲੀ ਲਈ ਰਵਾਨਾ ਹੋ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ (Gurbachan Singh Chabba) ਨੇ ਕਿਹਾ ਕਿ ਸਾਡਾ ਇਹ 28ਵਾਂ ਜੱਥਾ ਹੈ।ਉਨ੍ਹਾਂ ਕਿਹਾ ਕਿ ਲਗਾਤਾਰ ਹੀ ਕਿਸਾਨਾਂ ਦੇ ਵੱਡੇ ਜਥੇ ਟਰਾਲੀਆਂ ਟਰੈਕਟਰਾਂ ਰਾਹੀਂ ਦਿੱਲੀ ਬਾਰਡਰ 'ਤੇ ਜਾ ਰਹੇ ਹਨ ਤਾਂ ਜੋ ਕਿਸਾਨ ਵੱਡੀ ਗਿਣਤੀ ਵਿਚ ਉੱਥੇ ਪਹੁੰਚ ਕੇ ਇਕ ਵਾਰ ਫਿਰ ਆਪਣੀ ਇਕਜੁੱਟਤਾ ਦਾ ਸਬੂਤ ਦੇ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਬੋਲ ਰਹੇ ਹਨ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਵਿਰੋਧ ਨਹੀਂ ਕਰਨਾ ਚਾਹੀਦਾ।
ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਸਿਰਫ਼ ਸਿਆਸੀ ਲਾਹਾ ਲੈ ਰਹੀਆਂ ਹਨ ਅਤੇ ਇਨ੍ਹਾਂ ਸਿਆਸਤਦਾਨਾਂ ਨੂੰ ਕਿਸਾਨਾਂ-ਮਜ਼ਦੂਰਾਂ ਨਾਲ ਕੋਈ ਹਮਦਰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੀ ਹੁਣ ਨਰਿੰਦਰ ਮੋਦੀ ਵਾਂਗ ਅੰਬਾਨੀਆਂ, ਅਡਾਨੀਆਂ ਦੀ ਬੋਲੀ ਬੋਲ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੇਤਾ ਹਰਿੰਦਰ ਸਿੰਘ ਕਾਹਲੋਂ ਦੇ ਬਿਆਨ 'ਤੇ ਬੋਲੇ ਕਿ ਜੋ ਲੋਕ ਕਿਸਾਨਾਂ ਵੱਲੋਂ ਉਗਾਇਆ ਅੰਨ ਖਾ ਕੇ ਕਿਸਾਨਾਂ ਨੂੰ ਹੀ ਬੁਰਾ ਭਲਾ ਕਹਿ ਰਹੇ ਹਨ।
ਇਹ ਲੋਕ ਬੀਜੇਪੀ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਹਰਿੰਦਰ ਸਿੰਘ ਕਾਹਲੋਂ ਨੂੰ ਬੀਜੇਪੀ 'ਤੇ ਇੰਨਾ ਹੀ ਮਾਣ ਹੈ ਤਾਂ ਉਹ ਇੱਕ ਵਾਰ ਪੰਜਾਬ ਦੇ ਕਿਸੇ ਵੀ ਪਿੰਡ 'ਚ ਆ ਕੇ ਦੇਖ ਲੈਣ ਲੋਕ ਦੱਸ ਦੇਣਗੇ ਕਿ ਉਹ ਬੀਜੇਪੀ ਨੂੰ ਕਿੰਨਾ ਕੁ ਚਾਹੁੰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਹਰਿਆਣਾ ਸਰਕਾਰ ਵੱਲੋਂ ਮੀਟਿੰਗਾਂ ਕਰਕੇ ਕਿਸਾਨਾਂ ਦੇ ਅੰਦੋਲਨ ਖਤਮ ਕਰਨ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਸੀਂ ਹਰਿਆਣਾ ਸਰਕਾਰ ਦੇ ਹਰ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਹਾਂ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਪਹਿਲਾਂ ਵੀ ਕਰਨਾਲ ਵਿੱਚ ਕਿਸਾਨਾਂ ਉੱਤੇ ਤਸ਼ੱਦਦ ਕਰ ਕੇ ਦੇਖ ਲਿਆ ਕਿਸਾਨਾਂ ਨੇ ਹਰਿਆਣਾ ਸਰਕਾਰ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਵੀ ਕਿਸਾਨਾਂ ਦੇ ਅੱਗੇ ਝੁਕਣਾ ਪਿਆ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਦੇ ਜਥੇ ਅੱਜ ਇੱਥੇ ਦਿੱਲੀ ਬਾਰਡਰ ਵੱਲ ਜਾਂਦੇ ਰਹਿਣਗੇ। ਜਿੰਨੀ ਦੇਰ ਤੱਕ ਖੇਤੀ ਸੁਧਾਰ ਕਾਨੂੰਨ ਰੱਦ ਨਹੀਂ ਹੁੰਦੇ।
ਇਹ ਵੀ ਪੜ੍ਹੋ-ਸਮਾਂ ਬਦਲਿਆ ਪਰ ਕੀ ਨਸ਼ੇ ਨੂੰ ਲੈ ਕੇ ਬਦਲੇ ਪੰਜਾਬ ਦੇ ਹਾਲਾਤ ?