ਅੰਮ੍ਰਿਤਸਰ: ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੇ ਆਮ ਆਦਮੀ ਪਾਰਟੀ ਵੱਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਕਰਯੋਗ ਹੈ ਕਿ ਬੀਤੇ ਲੰਬੇ ਸਮੇਂ ਤੋਂ ਦਲਿਤ ਵਿਦਿਆਰਥੀਆਂ ਦੇ ਵਜੀਫਿਆਂ ਨੂੰ ਲੈਕੇ ਚੱਲ ਰਹੀ ਸਿਅਸਤ ਕਾਰਨ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਲੈ ਕੇ ਹਾਲ ਗੇਟ ਤੱਕ ਰੋਸ ਮਾਰਚ ਕੱਢ ਕੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ। ਆਮ ਆਦਮੀ ਪਾਰਟੀ ਦਾ ਕਹਿਣਾ ਕਿ ਪੰਜਾਬ ਸਰਕਾਰ ਇੱਕ ਅਸਫ਼ਲ ਸਰਕਾਰ ਰਹੀ ਹੈ ਤੇ ਦੋ ਲੱਖ ਦਲਿਤ ਵਿਦਿਆਰਥੀਆਂ ਦੇ ਵਜੀਫ਼ੇ ਪਿਛਲੇ 3 ਸਾਲਾਂ ਤੋਂ ਰੋਕੇ ਗਏ ਹਨ।
ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਅੰਮ੍ਰਿਤਸਰ ਪ੍ਰਧਾਨ ਪਰਮਿੰਦਰ ਸਿੰਘ ਸੇਠੀ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਦੇ ਵਜੀਫ਼ੇ ਜਾਰੀ ਨਾ ਕੀਤੇ ਗਏ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ । ਉਨ੍ਹਾਂ ਕਿਹਾ ਕਿ 2 ਲੱਖ ਬੱਚਿਆਂ ਵਿੱਚੋਂ ਇੱਕ ਵੀ ਬੱਚੇ ਦੀ ਜ਼ਿੰਦਗੀ ਖਰਾਬ ਨਹੀ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਮਾਪਿਆਂ ਨੇ ਵਜੀਫਿਆਂ ਦੀ ਆਸ 'ਤੇ ਆਪਣੇ ਬੱਚਿਆਂ ਦੀ ਪੜ੍ਹਾਈ ਕਰਵਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਕਈ ਘੁਟਾਲੇ ਕਰ ਰਹੀ ਹੈ ਨਾਲ।
ਇਸ ਦੇ ਨਾਲ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਤੰਜ ਕਸਦਿਆਂ ਕਿਹਾ ਕਿ ਉਹ ਆਪ ਐਸ਼ੋ-ਆਰਾਮ ਦੀ ਜ਼ਿੰਦਗੀ ਬਿਤਾ ਰਹੇ ਹਨ ਤੇ ਪੰਜਾਬ 'ਚ ਕੇਬਲ ਮਾਫੀਆ, ਡਰੱਗ ਮਾਫ਼ੀਆ, ਰੇਤ ਮਾਫੀਆ ਜੰਮ ਕੇ ਪੰਜਾਬ ਨੂੰ ਖਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦਲਿਤ ਵਿਦਿਆਰਥੀਆਂ ਦੇ ਵਜੀਫ਼ੇ ਵੀ ਖਾ ਗਈ ਹੈ।
ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਵਿਦਿਆਰਥੀਆਂ ਦੇ ਵਜੀਫ਼ੇ ਜਲਦ ਤੋਂ ਜਲਦ ਜਾਰੀ ਨਾ ਕੀਤੇ ਗਏ ਤਾਂ ਉਹ ਸੜਕਾਂ 'ਤੇ ਉਤਰਨਗੇ ਅਤੇ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਾਧੂ ਸਿੰਘ ਧਰਮਸੋਤ ਤੋਂ ਅਸਤੀਫ਼ਾ ਲੈਕੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਮੁੱਦਿਆਂ ਨੂੰ ਚੁੱਕਦੀ ਹੈ ਅਤੇ ਕਿਸੇ ਵੀ ਵਰਗ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਤੇ ਮਾਇਆਵਤੀ ਨੇ ਦਿੱਤੀਆਂ ਇਕ-ਦੂਜੇ ਨੂੰ ਵਧਾਈਆਂ